Home » ਪੰਜਾਬ » ਕੋਹਾਰਵਾਲਾ ਵਿੱਚ ਘਰੇਲੂ ਵਿਵਾਦ ਦੌਰਾਨ ਪਤਨੀ ਦਾ ਕਤਲ, ਗੁਆਂਢੀਆਂ ਦੇ ਘਰ ਸੁੱਤੀ ਮਹਿਲਾ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ

ਕੋਹਾਰਵਾਲਾ ਵਿੱਚ ਘਰੇਲੂ ਵਿਵਾਦ ਦੌਰਾਨ ਪਤਨੀ ਦਾ ਕਤਲ, ਗੁਆਂਢੀਆਂ ਦੇ ਘਰ ਸੁੱਤੀ ਮਹਿਲਾ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ

Facebook
X
WhatsApp
Email

ਅਜੈ ਮਨਚੰਦਾ

ਕੋਟਕਪੂਰਾ 20 ਸਤੰਬਰ — ਕੋਟਕਪੂਰਾ ਦੇ ਨੇੜਲੇ ਪਿੰਡ ਕੋਹਾਰਵਾਲਾ ਵਿੱਚ ਘਰੇਲੂ ਵਿਵਾਦ ਦੇ ਚਲਦਿਆਂ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ’ਤੇ ਤੇਜ਼ਧਾਰ ਕਿਰਚ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ 30 ਸਾਲਾ ਸਰਬਜੀਤ ਕੌਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਦਰ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿੰਡ ਕੋਹਾਰਵਾਲਾ ਵਾਸੀ ਗੁਰਜੰਟ ਸਿੰਘ ਦਾ ਆਪਣੀ ਪਤਨੀ ਸਰਬਜੀਤ ਕੌਰ ਨਾਲ ਅਕਸਰ ਘਰੇਲੂ ਵਿਵਾਦ ਰਹਿੰਦਾ ਸੀ। ਦੋਵਾਂ ਦੇ ਦੋ ਲੜਕੀਆਂ ਅਤੇ ਇੱਕ ਲੜਕਾ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਜੰਟ ਸਿੰਘ ਵੱਲੋਂ ਅਕਸਰ ਸ਼ਰਾਬ ਦੇ ਨਸ਼ੇ ਵਿੱਚ ਆਪਣੀ ਪਤਨੀ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਜਾਂਦੀ ਸੀ।

ਸ਼ਨੀਵਾਰ ਰਾਤ ਵੀ ਦੋਵਾਂ ਵਿਚਕਾਰ ਝਗੜਾ ਹੋਇਆ, ਜਿਸ ਤੋਂ ਬਾਅਦ ਸਰਬਜੀਤ ਕੌਰ ਆਪਣੇ ਗੁਆਂਢੀਆਂ ਦੇ ਘਰ ਚਲੀ ਗਈ ਅਤੇ ਉੱਥੇ ਹੀ ਸੌਂ ਗਈ। ਦੱਸਿਆ ਜਾ ਰਿਹਾ ਹੈ ਕਿ ਅੱਧੀ ਰਾਤ ਦੇ ਕਰੀਬ ਗੁਰਜੰਟ ਸਿੰਘ ਛੱਤ ਦੇ ਰਸਤੇ ਗੁਆਂਢੀਆਂ ਦੇ ਘਰ ਵਿੱਚ ਦਾਖ਼ਲ ਹੋ ਗਿਆ ਅਤੇ ਉੱਥੇ ਸੁੱਤੀ ਆਪਣੀ ਪਤਨੀ ਸਰਬਜੀਤ ਕੌਰ ’ਤੇ ਤੇਜ਼ਧਾਰ ਕਿਰਚ ਨਾਲ ਕਈ ਵਾਰ ਕਰ ਦਿੱਤੇ। ਗੰਭੀਰ ਜ਼ਖ਼ਮੀ ਹੋਣ ਕਾਰਨ ਮਹਿਲਾ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਦਰ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਭੇਜ ਦਿੱਤਾ ਹੈ।

ਮ੍ਰਿਤਕਾ ਅਤੇ ਉਸ ਦਾ ਪਤੀ ਦੋਵੇਂ ਮਜ਼ਦੂਰੀ ਕਰਦੇ ਸਨ। ਪਿੰਡ ਵਾਸੀਆਂ ਅਨੁਸਾਰ ਦੋਵਾਂ ਵਿਚਕਾਰ ਅਕਸਰ ਲੜਾਈ-ਝਗੜਾ ਰਹਿੰਦਾ ਸੀ। ਮ੍ਰਿਤਕਾ ਦੇ ਭਰਾ, ਮੋਗਾ ਜ਼ਿਲ੍ਹੇ ਦੇ ਪਿੰਡ ਰਣੀਆਂ ਵਾਸੀ ਸੁਖਮੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ ਕਰੀਬ 12 ਸਾਲ ਪਹਿਲਾਂ ਕੋਹਾਰਵਾਲਾ ਵਾਸੀ ਗੁਰਜੰਟ ਸਿੰਘ ਨਾਲ ਹੋਇਆ ਸੀ। ਉਸ ਨੇ ਦੋਸ਼ ਲਾਇਆ ਕਿ ਗੁਰਜੰਟ ਸਿੰਘ ਅਕਸਰ ਉਸ ਦੀ ਭੈਣ ਨਾਲ ਲੜਾਈ-ਝਗੜਾ ਕਰਦਾ ਰਹਿੰਦਾ ਸੀ ਅਤੇ ਇਸੇ ਘਰੇਲੂ ਵਿਵਾਦ ਦੇ ਚਲਦਿਆਂ ਸ਼ਨੀਵਾਰ ਰਾਤ ਉਸ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ।

ਸੁਖਮੰਦਰ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਵਿੱਚ ਮ੍ਰਿਤਕਾ ਦੇ ਸਹੁਰਾ ਪਰਿਵਾਰ ਦੀ ਭੂਮਿਕਾ ਦੀ ਵੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਘਰਾਂ ਵਿੱਚ ਲੜਾਈ-ਝਗੜੇ ਹੁੰਦੇ ਰਹਿੰਦੇ ਹਨ, ਪਰ ਉਨ੍ਹਾਂ ਦੀ ਭੈਣ ਨੂੰ ਇਸ ਵਿਵਾਦ ਦੀ ਕੀਮਤ ਆਪਣੀ ਜਾਨ ਦੇ ਕੇ ਚੁਕਾਉਣੀ ਪਈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸਹੁਰਾ ਪਰਿਵਾਰ ਵੱਲੋਂ ਕਦੇ ਵੀ ਇਸ ਝਗੜੇ ਸਬੰਧੀ ਉਨ੍ਹਾਂ ਨਾਲ ਗੱਲਬਾਤ ਨਹੀਂ ਕੀਤੀ ਗਈ। ਇਸ ਸਬੰਧੀ ਡੀਐੱਸਪੀ ਅਵਤਾਰ ਸਿੰਘ ਰਾਜਪਾਲ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਮਾਮਲਾ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories