Home » ਪੰਜਾਬ » ਝੋਨੇ ਦੀ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਝੋਨੇ ਦੀ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

Facebook
X
WhatsApp
Email
— ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ‘ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਅਤੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
— ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ
ਟਾਈਮਜ਼  ਆਫ਼  ਪੰਜ਼ਾਬ ਬਿਊਰੋ 
ਖੰਨਾ, (ਲੁਧਿਆਣਾ), 2 ਅਕਤੂਬਰ:– ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਤੇ ਚੁੱਕਣ ਦੇ ਨਾਲ-ਨਾਲ ਸਮੇਂ ਸਿਰ ਅਦਾਇਗੀ ਲਈ ਮਾਨ ਸਰਕਾਰ ਵਚਨਬੱਧ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਬਿਜਲੀ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆਂ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਝੋਨੇ ਦੀ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸੂਬੇ ਨੂੰ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿਲਿਆ ਹੈ। ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) 2,461 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਰਪੇਸ਼ ਨਾ ਆਵੇ, ਇਸ ਲਈ ਬਾਰਦਾਨੇ (ਗਨੀ ਬੈਗ) ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ।
ਮੰਤਰੀ ਸੌਂਦ ਨੇ ਭਰੋਸਾ ਦਿੱਤਾ ਕਿ ਫ਼ਸਲ ਦੀ ਚੁਕਾਈ ਅਤੇ ਭੁਗਤਾਨ ਨਾਲ-ਨਾਲ ਕੀਤਾ ਜਾਵੇਗਾ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਭੁਗਤਾਨ ਤੁਰੰਤ ਪਾ ਦਿੱਤੇ ਜਾਣਗੇ। ਉਨ੍ਹਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਪੰਜਾਬ ਮੰਡੀ ਬੋਰਡ, ਖਰੀਦ ਏਜੰਸੀਆਂ ਦੇ ਮੁਖੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪਾਰਦਰਸ਼ਿਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿੱਚ ਕੰਮਕਾਜ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ।
ਸੌਂਦ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਦੇ ਮੁਤਾਬਕ ਉਹ ਅਨਾਜ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਚੈਕ ਕਰਦੇ ਰਹਿਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਮੰਡੀ ਵਿੱਚ ਝੋਨਾ ਲੈ ਕੇ ਆ ਰਹੇ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਤੁਰੰਤ ਖਰੀਦ ਹੋ ਸਕੇ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸੌਂਦ ਨੇ ਅਧਿਕਾਰੀਆਂ ਦੇ ਨਾਲ ਮਾਰਕੀਟ ਕਮੇਟੀ ਦਫ਼ਤਰ ਖੰਨਾ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਆੜ੍ਹਤੀਆ ਨਾਲ ਮੀਟਿੰਗ ਕੀਤੀ ਅਤੇ ਝੋਨੇ ਦੇ ਸੁਚਾਰੂ ਖਰੀਦ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ‘ਤੇ ਆੜ੍ਹਤੀਆ ਐਸੋਸੀਏਸ਼ਨ ਖੰਨਾ ਵੱਲੋਂ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀਮਤੀ ਜਸ਼ਨਪ੍ਰੀਤ ਕੌਰ ਗਿੱਲ, ਨਾਇਬ ਤਹਿਸੀਲਦਾਰ ਖੰਨਾ ਗੁਰੂਚਰਨ ਸਿੰਘ, ਸਕੱਤਰ ਮਾਰਕੀਟ ਕਮੇਟੀ ਖੰਨਾ ਕਮਲਦੀਪ ਸਿੰਘ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸ੍ਰੀ ਲਖਵੀਰ ਸਿੰਘ, ਏ.ਐਫ.ਐਸ.ਓ ਖੰਨਾ ਸ੍ਰੀ ਹਰਭਜਨ ਸਿੰਘ, ਆੜ੍ਹਤੀਆ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਰਾਈਸ ਮਿੱਲ ਐਸੋਸੀਏਸ਼ਨ ਦੇ ਪ੍ਰਧਾਨ ਗੁਰਦਿਆਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਆੜ੍ਹਤੀਏ ਅਤੇ ਕਿਸਾਨ ਹਾਜ਼ਰ ਸਨ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories