–ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀ ਅੱਧੀ ਲਗਾਮ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅੱਧੀ ਅਰਵਿੰਦ ਕੇਜਰੀਵਾਲ ਦੇ ਹੱਥਾਂ ਵਿੱਚ-ਰਾਹੁਲ ਗਾਂਧੀ
–ਪੰਜਾਬ ਦੀ ਗੱਲ ਕਰਨ ਵਾਲਿਆਂ ਨੂੰ ਮਿਲਦੀ ਹੈ ‘ਗੋਲੀ’: ਰਾਹੁਲ ਗਾਂਧੀ
–ਮੈਂ ਪੁੱਛਣਾ ਚਾਹੁੰਦਾ ਹਾਂ ਕਿ ਪੰਜਾਬ ਦੇ ਕਿਸ ਕੋਨੇ ਤੋਂ ਨਸ਼ਾ ਖ਼ਤਮ ਹੋਇਆ ਹੈ?
–ਮੁੱਖ ਮੰਤਰੀ ਭਗਵੰਤ ਮਾਨ ਨੂੰ ਚਰਨਜੀਤ ਸਿੰਘ ਚੰਨੀ ਨੇ ਆਖਿਆ ‘ਨਿੱਤ ਦਾ ਸ਼ਰਾਬੀ
ਸੰਗਰੂਰ,04 ਨਵੰਬਰ : — ਪਿੰਡ ਫੱਗੂਵਾਲਾ (ਸੰਗਰੂਰ) ਵਿਖੇ ‘ਇਨਸਾਫ ਰੈਲੀ’ ਦੌਰਾਨ ਸਟੇਜ ਤੋਂ ਬੋਲਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਜਿਹੜਾ ਭਰੋਸਾ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਉੱਤੇ ਕੀਤਾ ਸੀ, ਉਹ ਉਸ ‘ਤੇ ਖਰੇ ਨਹੀਂ ਉਤਰੇ। ਸਰਕਾਰ ਜਿੱਥੇ ਨਸ਼ਾ ਰੋਕਣ ਵਿੱਚ ਨਾਕਾਮ ਰਹੀ, ਉੱਥੇ ਹੀ ਆਪ ਭ੍ਰਿਸ਼ਟਾਚਾਰ ਦੇ ਜਾਲ ਵਿੱਚ ਫਸੀ ਅਤੇ ਗੈਂਗਸਟਰਾਂ ਨੂੰ ਪੰਜਾਬ ਵਿੱਚ ਵੱਡਾ ਬਲ ਮਿਲਿਆ, ਜਿਸ ਕਰਕੇ ਪੰਜਾਬ ਦੀ ਲਾਅ ਐਂਡ ਆਰਡਰ ਦੀ ਸਥਿਤੀ ਵਿਗੜੀ। ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦਾ ਆਗਾਜ਼ ਕਰਦਿਆਂ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਉੱਤੇ ਤਿੱਖਾ ਹਮਲਾ ਬੋਲਿਆ ਅਤੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀ ਅੱਧੀ ਲਗਾਮ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅੱਧੀ ਅਰਵਿੰਦ ਕੇਜਰੀਵਾਲ ਦੇ ਹੱਥਾਂ ਵਿੱਚ ਹੈ। ਉਨ੍ਹਾਂ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਨੂੰ ਸਭ ਤੋਂ ਵੱਡਾ ਮੁੱਦਾ ਕਰਾਰ ਦਿੱਤਾ ਅਤੇ ਕਿਹਾ ਕਿ ਜੇਕਰ ਪੰਜਾਬ ਨੂੰ ਨਸ਼ੇ ਤੋਂ ਮੁਕਤ ਕਰਨਾ ਹੈ ਤਾਂ ਮੁੱਖ ਮੰਤਰੀ ਹਰ ਸ਼ਾਮ ਨਸ਼ਾ ਨਹੀਂ ਕਰ ਸਕਦਾ।
ਸੰਗਰੂਰ ਵਿੱਚ ਕਾਂਗਰਸ ਦੀ ‘ਇਨਸਾਫ਼ ਰੈਲੀ’ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕੀਤਾ ਸੀ, ਪਰ ਰਾਜ ਦੇ ਕਿਸੇ ਵੀ ਕੋਨੇ ਤੋਂ ਨਸ਼ਾ ਖ਼ਤਮ ਨਹੀਂ ਹੋਇਆ ਹੈ। ਉਨ੍ਹਾਂ ‘ਚਿੱਟੇ’ ਨੂੰ ਸਭ ਤੋਂ ਵੱਡਾ ਮੁੱਦਾ ਦੱਸਦਿਆਂ ਕਿਹਾ, ‘‘ਪੰਜਾਬ ਨੇ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਉੱਤੇ ਭਰੋਸਾ ਕੀਤਾ। ਉਨ੍ਹਾਂ ਦਾ ਵਾਅਦਾ ਰਾਜ ਨੂੰ ਨਸ਼ਾ ਮੁਕਤ ਕਰਨ ਦਾ ਸੀ। ਮੈਂ ਪੁੱਛਣਾ ਚਾਹੁੰਦਾ ਹਾਂ ਕਿ ਪੰਜਾਬ ਦੇ ਕਿਸ ਕੋਨੇ ਤੋਂ ਨਸ਼ਾ ਖ਼ਤਮ ਹੋਇਆ ਹੈ? ਇਹ ਨਸ਼ਾ ਨਹੀਂ ਹਟਾ ਸਕਦੇ।’’ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਨੇ ਭਗਵੰਤ ਮਾਨ ਦੇ ਲੋਕ ਸਭਾ ਮੈਂਬਰ ਰਹਿਣ ਦਾ ਜ਼ਿਕਰ ਕਰਦਿਆਂ ਕਿਹਾ, ‘‘ਭਗਵੰਤ ਮਾਨ ਲੋਕ ਸਭਾ ਵਿੱਚ ਸਾਡੇ ਕੋਲ ਬੈਠ ਕੇ ਚੁਟਕਲੇ ਸੁਣਾਉਂਦੇ ਸਨ। ਸਵੇਰੇ 11 ਵਜੇ ਉਨ੍ਹਾਂ ਦੇ ਮੂੰਹੋਂ ਸ਼ਰਾਬ ਦੀ ਬੂ ਆਉਂਦੀ ਹੈ। ਜੇਕਰ ਉਹ ਸ਼ਰਾਬ ਪੀਣਾ ਚਾਹੁੰਦੇ ਹਨ ਤਾਂ ਇਹ ਉਨ੍ਹਾਂ ਦਾ ਨਿੱਜੀ ਮਾਮਲਾ ਹੈ, ਪਰ ਜੇਕਰ ਤੁਸੀਂ ਨਸ਼ੇ ਨਾਲ ਲੜਨਾ ਚਾਹੁੰਦੇ ਹੋ ਤਾਂ ਤੁਹਾਡਾ ਮੁੱਖ ਮੰਤਰੀ ਹਰ ਸ਼ਾਮ ਨਸ਼ਾ ਨਹੀਂ ਕਰ ਸਕਦਾ।’’
ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ਨੂੰ ਅਜਿਹੇ ਮੁੱਖ ਮੰਤਰੀ ਦੀ ਲੋੜ ਹੈ ਜੋ ਰਾਜ ਲਈ ਸੰਘਰਸ਼ ਕਰੇ ਅਤੇ ਪੰਜਾਬ ਦੇ ਲੋਕਾਂ ਦਾ ਦਰਦ ਸਮਝੇ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਨੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੇਣ, ਔਰਤਾਂ ਦੇ ਖਾਤਿਆਂ ਵਿੱਚ ਚਾਰ ਸਾਲ ਤੱਕ ਪੈਸੇ ਭੇਜਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕੀਤਾ ਸੀ, ਪਰ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਦੀ ਰੀੜ੍ਹ ਦੀ ਹੱਡੀ ਕਿਸਾਨ ਹਨ ਅਤੇ ਜਦੋਂ ਤੱਕ ਰਾਜ ਵਿੱਚ ਖੇਤੀ ਅਤੇ ਉਦਯੋਗ ਮਜ਼ਬੂਤ ਨਹੀਂ ਹੋਣਗੇ, ਤਦ ਤੱਕ ਗੈਂਗਸਟਰਾਂ ਅਤੇ ਨਸ਼ੇ ਵਿਰੁੱਧ ਲੜਾਈ ਨਹੀਂ ਲੜੀ ਜਾ ਸਕਦੀ। ਗਾਂਧੀ ਨੇ ਦਾਅਵਾ ਕੀਤਾ ਕਿ ਕਾਂਗਰਸ ਹੀ ਕਿਸਾਨਾਂ ਦੀ ਰੱਖਿਆ ਕਰਨ ਦੇ ਨਾਲ-ਨਾਲ ਪੰਜਾਬ ਵਿੱਚ ਉਦਯੋਗਾਂ ਨੂੰ ਫਿਰ ਤੋਂ ਮਜ਼ਬੂਤ ਕਰ ਸਕਦੀ ਹੈ।
ਕਾਂਗਰਸ ਆਗੂ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਜੋ ਹੋਇਆ, ਉਹ ਅੱਜ ਪੰਜਾਬ ਵਿੱਚ ‘ਫੈਸ਼ਨ’ ਬਣ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਿਸ ਸੋਚ ਨੇ ਮੂਸੇਵਾਲਾ ਨੂੰ ਗੋਲੀ ਮਾਰੀ ਸੀ, ਉਹੀ ਸੋਚ ਅੱਜ ਪੂਰੇ ਪੰਜਾਬ ਵਿੱਚ ਫੈਲ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਲਈ ਕੰਮ ਕਰਨ ਵਾਲਿਆਂ ਨੂੰ ਡਰਾਇਆ-ਧਮਕਾਇਆ ਜਾਂਦਾ ਹੈ ਅਤੇ ਸਰੇਆਮ ਗੋਲੀ ਮਾਰ ਦਿੱਤੀ ਜਾਂਦੀ ਹੈ।
ਰਾਹੁਲ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉੱਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਸ਼ਾਹ ਨੇ ਪੰਜਾਬ ਵਿੱਚ ਤਿੰਨ ਸਾਲ ਦੇ ਅੰਦਰ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਕੇਂਦਰ ਦੀ ਸਰਕਾਰ ਤਾਂ ਇੱਕ ਸਾਲ ਵਿੱਚ ਹੀ ਨਿੱਬੜ ਜਾਵੇਗੀ। ਉਨ੍ਹਾਂ ਸਵਾਲ ਕੀਤਾ ਕਿ ਗੁਜਰਾਤ ਵਿੱਚ ਉਦਯੋਗਪਤੀ ਗੌਤਮ ਅਡਾਨੀ ਦੇ ਬੰਦਰਗਾਹ ਉੱਤੇ ਮਾਦਕ ਪਦਾਰਥ ਫੜੇ ਗਏ ਸਨ, ਪਰ ਇਸ ਮਾਮਲੇ ਵਿੱਚ ਅਮਿਤ ਸ਼ਾਹ ਨੇ ਕੀ ਕਾਰਵਾਈ ਕੀਤੀ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਸ਼ਾਹ ਕਾਨੂੰਨ-ਵਿਵਸਥਾ ਦੀ ਗੱਲ ਕਰਦੇ ਹਨ, ਪਰ ਉਨ੍ਹਾਂ ਨੇ ਗੈਂਗਸਟਰ ਪਾਲ ਰੱਖੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸ਼ਾਹ ਨੂੰ ਕਾਨੂੰਨ-ਵਿਵਸਥਾ ਦੀ ਗੱਲ ਕਰਨੀ ਹੈ ਤਾਂ ਉਨ੍ਹਾਂ ਨੂੰ ਮਨੀਪੁਰ ਦਾ ਵੀ ਜ਼ਿਕਰ ਕਰਨਾ ਚਾਹੀਦਾ ਹੈ। ਰਾਹੁਲ ਗਾਂਧੀ ਨੇ ਪੰਜਾਬ ਸਰਕਾਰ ਦੇ ਸੰਚਾਲਨ ਨੂੰ ਲੈ ਕੇ ਵੀ ਆਮ ਆਦਮੀ ਪਾਰਟੀ ਉੱਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਦਿੱਲੀ ਤੋਂ ਨਹੀਂ, ਸਗੋਂ ਪੰਜਾਬ ਤੋਂ ਹੀ ਚੱਲਣੀ ਚਾਹੀਦੀ ਹੈ। ਉਨ੍ਹਾਂ ਕਿਹਾ, ‘‘ਸਾਰੀ ਪਾਰਟੀ ਪੰਜਾਬ ਦੀ ਸਰਕਾਰ ਨੂੰ ਪੰਜਾਬ ਤੋਂ ਚਲਾਉਂਦੀ ਹੈ। ਸਾਡਾ ਪੰਜਾਬ ਦਾ ਮੁੱਖ ਮੰਤਰੀ ਪੰਜਾਬ ਨੂੰ ਚਲਾਉਂਦਾ ਹੈ। ਜੇਕਰ ਕਾਂਗਰਸ ਪਾਰਟੀ ਜਿੱਤਦੀ ਹੈ ਤਾਂ ਕਾਂਗਰਸ ਮੁੱਖ ਮੰਤਰੀ ਚੁਣਦੀ ਹੈ ਅਤੇ ਕਹਿੰਦੀ ਹੈ ਕਿ ਤੁਸੀਂ ਪੰਜਾਬ ਨੂੰ ਚਲਾਓ।’’
ਗਾਂਧੀ ਨੇ ਦੋਸ਼ ਲਾਇਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਦੀ ਅੱਧੀ ਲਗਾਮ ਅਮਿਤ ਸ਼ਾਹ ਅਤੇ ਅੱਧੀ ਅਰਵਿੰਦ ਕੇਜਰੀਵਾਲ ਦੇ ਹੱਥਾਂ ਵਿੱਚ ਹੈ ਅਤੇ ਰਾਜ ਨੂੰ ਦਿੱਲੀ ਤੋਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਰਾਜ ਦੀ ਜਨਤਾ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਦੀ ਤਰੱਕੀ ਅਤੇ ਨਸ਼ਾ ਖ਼ਤਮ ਕਰਨ ਲਈ ਕਾਂਗਰਸ ਨੂੰ ਸੱਤਾ ਵਿੱਚ ਲੈ ਕੇ ਆਉਣ।ਅਖੀਰ ਵਿੱਚ ਵਿਜੇ ਇੰਦਰ ਸਿੰਗਲਾ ਨੇ ਆਏ ਹੋਏ ਸਾਰੇ ਪੰਜਾਬ ਭਰ ਦੇ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਇਹ ਰੈਲੀ ਸਫਲ ਬਣਾਈ। ਇਸ ਮੌਕੇ ਪਟਿਆਲਾ ਜ਼ਿਲ੍ਹੇ ਵਿੱਚੋਂ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਬ੍ਰਹਮ ਇੰਦਰਾ, ਮੋਹਿਤ ਮਹਿੰਦਰਾ, ਦਰਬਾਰਾ ਸਿੰਘ ਸਮਾਣਾ, ਰਜਿੰਦਰ ਸਿੰਘ ਸਨੌਰ, ਹਰਿੰਦਰ ਪਾਲ ਸਿੰਘ ਹੈਰੀਮਾਨ, ਨਾਭਾ ਤੋਂ ਸਾਧੂ ਸਿੰਘ ਧਰਮਸੋਤ, ਪਟਿਆਲਾ ਤੋਂ ਸੰਜੀਵ ਕੁਮਾਰ ਬਿੱਟੂ ਅਤੇ ਹੋਰ ਕਾਂਗਰਸੀ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ।
ਪੰਜਾਬ ਦੇ ਪਾਰਟੀ ਇੰਚਾਰਜ ਸਚਿਨ ਪਾਇਲਟ, ਸੂਬਾ ਪ੍ਰਧਾਨ ਪਰਗਟ ਸਿੰਘ, ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਸੁਖਪਾਲ ਸਿੰਘ ਖਹਿਰਾ, ਡਾ. ਧਰਮਵੀਰ ਗਾਂਧੀ, ਡਾ. ਅਮਰ ਸਿੰਘ, ਫ਼ਤਿਹ ਸਿੰਘ ਬਾਦਲ ਅਤੇ ਗੁਰਜੋਤ ਸਿੰਘ ਢੀਂਡਸਾ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੂੰ ਚਰਨਜੀਤ ਸਿੰਘ ਚੰਨੀ ਨੇ ਆਖਿਆ ‘ਨਿੱਤ ਦਾ ਸ਼ਰਾਬੀ’
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿਵੇਂ ਹੀ ਬੋਲਣ ਲਈ ਉੱਠੇ, ਉਨ੍ਹਾਂ ਦਾ ਜ਼ੋਰਦਾਰ ਤਾਲੀਆਂ ਨਾਲ ਸਵਾਗਤ ਕੀਤਾ ਗਿਆ। ਆਪਣਾ ਭਾਸ਼ਨ ਸ਼ੁਰੂ ਕਰਨ ਤੋਂ ਪਹਿਲਾਂ ਇਕੱਠ ਨੇ ਉਨ੍ਹਾਂ ਦਾ 15 ਸੈਕੰਡ ਤੋਂ ਵੀ ਵੱਧ ਸਮਾਂ ਤਾੜੀਆਂ ਵਜਾ ਕੇ ਸਵਾਗਤ ਕੀਤਾ, ਜਿਸ ਨਾਲ ਉਨ੍ਹਾਂ ਦੇ ਚਿਹਰੇ ’ਤੇ ਮੁਸਕਰਾਹਟ ਆ ਗਈ। ਆਪਣੇ ਸੰਬੋਧਨ ਦੌਰਾਨ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਨੂੰ “ਨਿੱਤ ਦਾ ਸ਼ਰਾਬੀ” ਗਰਦਾਨਿਆ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਪਣਾ ਬੱਚਾ ਉਸ ਨੂੰ ਨਹੀਂ ਸੌਂਪੇਗਾ, ਪਰ ਲੋਕਾਂ ਨੇ ਤਾਂ ਪੰਜਾਬ ਹੀ ਉਸ ਦੇ ਹਵਾਲੇ ਕਰ ਦਿੱਤਾ।
- 0
- 0
- 0
- 0














