–ਸਾਂਝੀ ਤਾਲਮੇਲ ਕਮੇਟੀ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮਾਂ ਵਿੱਚ ਭਰਵੀਂ ਸ਼ਮੂਲੀਅਤ ਕਰਨ ਸਬੰਧੀ ਕੀਤਾ ਜਾਵੇਗਾ ਵਿਚਾਰ ਵਟਾਂਦਰਾ
ਕੋਟਕਪੂਰਾ, 26 ਅਕਤੂਬਰ ( ਅਜੈ ਮਨਚੰਦਾ )
ਪੰਜਾਬ ਪੈਨਸ਼ਨਰਜ ਯੂਨੀਅਨ ਸਬੰਧਤ ਏਟਕ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਦੱਸਿਆ ਹੈ ਕਿ ਜਥੇਬੰਦੀ ਦੀ ਸੂਬਾ ਕਾਰਜਕਾਰਨੀ ਕਮੇਟੀ ਦੀ ਮੀਟਿੰਗ 27 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ ਠੀਕ 11 ਵਜੇ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ ਜਲੰਧਰ ਵਿਖੇ ਰੱਖੀ ਗਈ ਹੈ। ਇਸ ਮੀਟਿੰਗ ਦੌਰਾਨ ਨਸ਼ਿਆਂ ਦੇ ਖਿਲਫ ਲੜਾਈ ਲੜਦੇ ਹੋਏ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਅਤੇ ਹੋਰ ਵਿਛੜੀਆਂ ਵੱਖ ਵੱਖ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।
ਉਹਨਾਂ ਅੱਗੇ ਦੱਸਿਆ ਕਿ ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ, ਸਾਂਝਾ ਮੁਲਾਜ਼ਮ ਮੰਚ ਵੱਲੋਂ ਪਿਛਲੇ ਸਮੇਂ ਦੌਰਾਨ ਹੋਏ ਵੱਖ ਵੱਖ ਐਕਸ਼ਨਾਂ ਦਾ ਰਿਵਿਊ ਕੀਤਾ ਜਾਵੇਗਾ। ਮਿਤੀ 21 ਅਕਤੂਬਰ ਨੂੰ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਅਤੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸ੍ਰੀ ਕੇ ਏ ਪੀ ਸਿਨਹਾ ਦਰਮਿਆਨ ਹੋਈ ਅਤੇ ਬੇਸਿੱਟਾ ਰਹੀ ਮੀਟਿੰਗ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਾਂਝੀ ਤਾਲਮੇਲ ਕਮੇਟੀ ਵੱਲੋਂ ਮਿਤੀ 24 ਅਕਤੂਬਰ ਨੂੰ ਲੁਧਿਆਣਾ ਵਿਖੇ ਹੋਈ ਮੀਟਿੰਗ ਦੇ ਫੈਸਲੇ ਅਨੁਸਾਰ ਭਗਵੰਤ ਮਾਨ ਸਰਕਾਰ ਵੱਲੋਂ ਅਪਣਾਏ ਗਏ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਦੇ ਖਿਲਾਫ ਸੰਘਰਸ਼ ਦੀ ਰੂਪ ਰੇਖਾ ਤਿੱਖੀ ਕਰਦੇ ਹੋਏ ਮਿਤੀ 29 ਅਤੇ 30 ਅਕਤੂਬਰ ਨੂੰ ਜ਼ਿਲ੍ਹਾ ਪੱਧਰੀ ਸਾਂਝੀਆਂ ਮੀਟਿੰਗਾਂ ਕਰਨ , ਨਵੰਬਰ ਅਤੇ ਦਸੰਬਰ 2026 ਦੌਰਾਨ ਉਲੀਕੇ ਗਏ ਹੋਰ ਐਕਸ਼ਨ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਅਤੇ ਹਰ ਪੱਧਰ ਤੇ ਪੈਨਸ਼ਨਰਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਵਾਉਣ ਸਬੰਧੀ ਫੈਸਲੇ ਕੀਤੇ ਜਾਣਗੇ।
ਮੁਲਾਜ਼ਮ ਅਤੇ ਪੈਨਸ਼ਨਰ ਪਿਛਲੇ ਕਾਫੀ ਸਮੇਂ ਤੋਂ ਪੰਜਾਬ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਬਕਾਇਆ ਪਈਆਂ ਡੀ ਏ ਦੀਆਂ ਸਾਰੀਆਂ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਨਾਕ ਤੁਰੰਤ ਲਾਗੂ ਕੀਤਾ ਜਾਵੇ, ਸਮੂਹ ਕੱਚੇ , ਠੇਕਾ ਅਧਾਰਤ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ ਅਤੇ ਸਕੀਮ ਵਰਕਰਾਂ ਲਈ ਘੱਟੋ ਘੱਟ ਉਜਰਤ ਕਾਨੂੰਨ ਤੁਰੰਤ ਲਾਗੂ ਕੀਤਾ ਜਾਵੇ।
- 0
- 0
- 0
- 0














