—ਪੰਜਾਬ ਦੀਆਂ ਧੀਆਂ ਲਈ ਆਜ਼ਾਦੀ ਦਿਹਾੜੇ ਦਾ ਵਿਸ਼ੇਸ਼ ਤੋਹਫ਼ਾ– ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਟਾਈਮਜ਼ ਆਫ਼ ਪੰਜਾਬ ਬਿਊਰੋ
ਮਲੇਰਕੋਟਲਾ,12 ਅਗਸਤ :– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਵਿਖੇ ਲੜਕੀਆਂ ਲਈ ਨਵੀਂ ਪੰਜ-ਮੰਜ਼ਿਲਾ ਸਰਕਾਰੀ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ ਅਤੇ ਇਸ ਨੂੰ ਪੰਜਾਬ ਦੀਆਂ ਧੀਆਂ ਲਈ ਆਜ਼ਾਦੀ ਦਿਹਾੜੇ ਦਾ ਵਿਸ਼ੇਸ਼ ਤੋਹਫ਼ਾ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ 6.39 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ 6.34 ਕਰੋੜ ਵਿੱਚ ਮੁਕੰਮਲ ਕਰਕੇ ਸਰਕਾਰੀ ਖ਼ਜ਼ਾਨੇ ਦੇ 5.25 ਲੱਖ ਰੁਪਏ ਬਚਾਏ ਗਏ ਹਨ, ਜਦਕਿ ਵਿਦਿਆਰਥੀਆਂ ਨੂੰ ਲਾਇਬ੍ਰੇਰੀ, ਸਮਾਰਟ ਕਲਾਸਰੂਮ, ਕਾਮਨ ਰੂਮ ਅਤੇ ਵਾਸ਼ਰੂਮ ਵਰਗੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ।
ਇਹ ਨਵੀਂ ਇਮਾਰਤ ਮਲੇਰਕੋਟਲਾ ਅਤੇ ਆਸ-ਪਾਸ ਦੇ ਪਿੰਡਾਂ ਦੀਆਂ ਲੜਕੀਆਂ ਲਈ ਮਿਆਰੀ ਸਿੱਖਿਆ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਲੈ ਕੇ ਆਵੇਗੀ। ਪੰਜਾਬ ਦਾ ਸਿੱਖਿਆ ਮਾਡਲ ਬਿਹਤਰੀਨ ਨਤੀਜੇ ਦੇ ਰਿਹਾ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਅਤੇ 361 ਵਿਦਿਆਰਥੀਆਂ ਨੇ ਜੇ.ਈ.ਈ. ਦੀ ਪ੍ਰੀਖਿਆ ਪਾਸ ਕੀਤੀ ਹੈ। ਇਸ ਤੋਂ ਇਲਾਵਾ 15,000 ਤੋਂ ਵੱਧ ਲੜਕੀਆਂ ਨੂੰ ਵਿਸ਼ੇਸ਼ ਬੱਸ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਘਰ ਤੋਂ ਦੂਰੀ ਉਨ੍ਹਾਂ ਦੀ ਪੜ੍ਹਾਈ ਵਿੱਚ ਰੁਕਾਵਟ ਨਾ ਬਣੇ। ਇਸ ਦੇ ਨਾਲ ਹੀ ਗਰੀਬ ਪਰਿਵਾਰਾਂ ਦੇ ਬੱਚਿਆਂ ਲਈ ਮਿਆਰੀ ਸਿੱਖਿਆ ਦਾ ਵਿਸਥਾਰ ਕਰਨ ਲਈ 118 ‘ਸਕੂਲ ਆਫ਼ ਐਮੀਨੈਂਸ’ ਸਥਾਪਿਤ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਮਾਰਟ ਸਕੂਲਾਂ ਦੇ ਨਾਂ ‘ਤੇ ਸਿਰਫ਼ ਸਕੂਲਾਂ ਦੀਆਂ ਇਮਾਰਤਾਂ ਨੂੰ ਰੰਗ ਕੀਤਾ ਸੀ ਜਦਕਿ ਮੌਜੂਦਾ ਸਰਕਾਰ ਇੱਕ ਅਜਿਹਾ ਸਿੱਖਿਆ ਢਾਂਚਾ ਤਿਆਰ ਕਰ ਰਹੀ ਹੈ ਜੋ ਸਾਕਾਰਤਮਕ ਨਤੀਜੇ ਦੇ ਰਿਹਾ ਹੈ ਅਤੇ ਜਿਸ ਨੇ ਪੰਜਾਬ ਨੂੰ ਦੇਸ਼ ਵਿੱਚ ਸਿੱਖਿਆ ਦੇ ਖੇਤਰ ਵਿੱਚ ਨੰਬਰ ਇਕ ਸੂਬਾ ਬਣਾਇਆ ਹੈ। ਉਨ੍ਹਾਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰੇਗੀ ਅਤੇ ਲੋਕਾਂ ਨੂੰ ਅਜਿਹੀਆਂ ਭੜਕਾਊ ਗੱਲਾਂ ਵਿੱਚ ਨਾ ਆਉਣ ਦੀ ਅਪੀਲ ਕੀਤੀ।
ਸਕੂਲ ਦਾ ਉਦਘਾਟਨ ਕਰਨ ਤੋਂ ਬਾਅਦ ਕੁਝ ਖ਼ਾਸ ਗੱਲਾਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ: “ਅੱਜ ਮਲੇਰਕੋਟਲਾ ਵਿਖੇ ਲੜਕੀਆਂ ਲਈ ਨਵੇਂ ਪੰਜ-ਮੰਜ਼ਿਲਾ ਸਰਕਾਰੀ ਸਕੂਲ ਦਾ ਉਦਘਾਟਨ ਕੀਤਾ। ਇਹ ਪ੍ਰੋਜੈਕਟ 6.34 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਇਆ ਹੈ, ਜਿਸ ਨਾਲ ਸਰਕਾਰੀ ਖ਼ਜ਼ਾਨੇ ਦੇ 5.25 ਲੱਖ ਰੁਪਏ ਦੀ ਬੱਚਤ ਹੋਈ ਹੈ। 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਇਹ ਸਾਡੀਆਂ ਧੀਆਂ ਲਈ ਵਿਸ਼ੇਸ਼ ਤੋਹਫ਼ਾ ਹੈ। ਸਾਡੇ ਲਗਾਤਾਰ ਯਤਨਾਂ ਸਦਕਾ ਪੰਜਾਬ ਅੱਜ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ‘ਚ ਪਹਿਲੇ ਨੰਬਰ ‘ਤੇ ਹੈ। ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਦੀ ਨੀਟ ਅਤੇ 361 ਵਿਦਿਆਰਥੀਆਂ ਦੀ ਜੇ.ਈ.ਈ. ਵਿੱਚ ਸਫ਼ਲਤਾ ਇਸ ਬਦਲਾਅ ਦੀ ਵੱਡੀ ਮਿਸਾਲ ਹੈ। ਲੜਕੀਆਂ ਦੀ ਪੜ੍ਹਾਈ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇ, ਇਸ ਲਈ 15,000 ਤੋਂ ਵੱਧ ਵਿਦਿਆਰਥਣਾਂ ਨੂੰ ਵਿਸ਼ੇਸ਼ ਬੱਸ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਨਕਲਾਬ ਜ਼ਿੰਦਾਬਾਦ।”
ਇਮਾਰਤ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਨਵਾਂ ਸਕੂਲ ਵਿਦਿਆਰਥੀਆਂ ਨੂੰ ਆਧੁਨਿਕ ਵਿਦਿਅਕ ਸਹੂਲਤਾਂ ਪ੍ਰਦਾਨ ਕਰੇਗਾ ਅਤੇ ਨਾਲ ਹੀ ਸਿੱਖਿਆ, ਸਿਹਤ ਸੰਭਾਲ, ਰੁਜ਼ਗਾਰ, ਬੁਨਿਆਦੀ ਢਾਂਚੇ ਅਤੇ ਮਹਿਲਾ ਭਲਾਈ ਦੇ ਖੇਤਰ ਵਿੱਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਵੀ ਦਰਸਾਉਂਦਾ ਹੈ।”
ਮਲੇਰਕੋਟਲਾ ਦੀ ਇਤਿਹਾਸਕ ਅਹਿਮੀਅਤ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦਾ ਹਾਂ ਕਿ ਮੈਂ ਮਲੇਰਕੋਟਲਾ ਦੀ ਇਸ ਇਤਿਹਾਸਕ ਧਰਤੀ ‘ਤੇ ਹਾਂ, ਜੋ ਏਕਤਾ ਅਤੇ ਭਾਈਚਾਰਕ ਸਾਂਝ ਦੀ ਪ੍ਰਤੀਕ ਹੈ। ਆਮ ਪੰਜਾਬੀ ਅਤੇ ਵਿਸ਼ੇਸ਼ ਤੌਰ ‘ਤੇ ਸਿੱਖ, ਮਲੇਰਕੋਟਲਾ ਦੇ ਨਵਾਬ ਦੁਆਰਾ ਦਿੱਤੇ ਗਏ ਉਸ ਮਹਾਨ ਸੰਦੇਸ਼ ਦਾ ਕਰਜ਼ ਕਦੇ ਨਹੀਂ ਮੋੜ ਸਕਦੇ, ਜਿਨ੍ਹਾਂ ਨੇ ਸਰਹਿੰਦ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਵਿਰੁੱਧ ਹਾਅ ਦਾ ਨਾਅਰਾ ਮਾਰਿਆ ਸੀ। ਇਸ ਇਤਿਹਾਸਕ ਸ਼ਹਿਰ ਦਾ ਵਿਕਾਸ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਹੈ ਅਤੇ ਮੈਨੂੰ ਇਹ ਨਵੀਂ ਬਣੀ ਸਕੂਲ ਇਮਾਰਤ ਲੋਕ ਨੂੰ ਸਮਰਪਿਤ ਕਰਦਿਆਂ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ।”
ਕੜਕਦੀ ਧੁੱਪ ਦੇ ਬਾਵਜੂਦ ਵੱਡੀ ਗਿਣਤੀ ‘ਚ ਪੁੱਜੇ ਲੋਕਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦਾ ਇਹ ਭਾਰੀ ਇਕੱਠ ਸੂਬਾ ਸਰਕਾਰ ਨੂੰ ਹੋਰ ਉਤਸ਼ਾਹ ਨਾਲ ਸੇਵਾ ਕਰਨ ਦਾ ਵਿਸ਼ਵਾਸ ਦਿੰਦਾ ਹੈ। ਅੱਜ ਬਹੁਤ ਖ਼ੁਸ਼ੀ ਦਾ ਦਿਨ ਹੈ ਕਿ ਇਹ ਨਵੀਂ ਸਕੂਲ ਇਮਾਰਤ ਲੋਕਾਂ ਨੂੰ ਸਮਰਪਿਤ ਕੀਤੀ ਜਾ ਰਹੀ ਹੈ। ਇਹ ਸਕੂਲ ਸਾਡੇ ਵਿਦਿਆਰਥੀਆਂ ਲਈ ਸਹੂਲਤਾਂ ਵਿੱਚ ਵਾਧਾ ਕਰੇਗਾ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰੇਗਾ।”
ਲੋਕ ਸਭਾ ਮੈਂਬਰ ਦੇ ਕਾਰਜਕਾਲ ਦੌਰਾਨ ਸਕੂਲ ਦੀ ਹਾਲਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਜਦੋਂ ਮੈਂ ਮੈਂਬਰ ਪਾਰਲੀਮੈਂਟ ਸੀ ਤਾਂ ਸਰਦੀਆਂ ਦੌਰਾਨ ਇਹ ਸਕੂਲ ਦੋ ਸ਼ਿਫ਼ਟਾਂ ਵਿੱਚ ਚੱਲਦਾ ਸੀ। ਬੱਚਿਆਂ ਨੂੰ ਵਾਪਸ ਘਰ ਲੈ ਕੇ ਜਾਣਾ ਔਖਾ ਸੀ ਅਤੇ ਇਮਾਰਤ ਪੂਰੀ ਤਰ੍ਹਾਂ ਅਸੁਰੱਖਿਅਤ ਸੀ। ਹੁਣ ਅਸੀਂ 6.39 ਕਰੋੜ ਰੁਪਏ ਦੀ ਪ੍ਰਵਾਨਿਤ ਲਾਗਤ ਦੇ ਮੁਕਾਬਲੇ 6.34 ਕਰੋੜ ਰੁਪਏ ਦੀ ਲਾਗਤ ਨਾਲ ਇਹ ਇਮਾਰਤ ਤਿਆਰ ਕੀਤੀ ਹੈ ਅਤੇ 5.25 ਲੱਖ ਰੁਪਏ ਦੀ ਬੱਚਤ ਕੀਤੀ ਹੈ। ਬਚਾਏ ਗਏ ਪੈਸੇ ਦੀ ਵਰਤੋਂ ਸਕੂਲ ਵਿੱਚ ਹੋਰ ਵਿਕਾਸ ਕਾਰਜਾਂ ਲਈ ਕੀਤੀ ਜਾ ਸਕਦੀ ਹੈ, ਜਿਸ ਵਿੱਚ ਆਰ.ਓ. ਸਿਸਟਮ, ਵਾਟਰ ਫਿਲਟਰ, ਸਮਾਰਟ ਕਲਾਸਰੂਮ ਅਤੇ ਹੋਰ ਸਹੂਲਤਾਂ ਸ਼ਾਮਲ ਹਨ।”
ਨਵੀਂ ਇਮਾਰਤ ਨੂੰ ਮਲੇਰਕੋਟਲਾ ਦੀਆਂ ਧੀਆਂ ਲਈ ਤੋਹਫ਼ਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਕੂਲ 80ਵੇਂ ਆਜ਼ਾਦੀ ਦਿਹਾੜੇ ‘ਤੇ ਸਾਡੀਆਂ ਧੀਆਂ ਨੂੰ ਸਮਰਪਿਤ ਹੈ। ਇਹ ਪੰਜ-ਮੰਜ਼ਿਲਾ ਇਮਾਰਤ 54,000 ਵਰਗ ਫੁੱਟ ਦੇ ਖੇਤਰ ਵਿੱਚ ਫੈਲੀ ਹੋਈ ਹੈ ਅਤੇ ਇਸ ਵਿੱਚ ਲਾਇਬ੍ਰੇਰੀਆਂ, ਵਾਸ਼ਰੂਮ ਅਤੇ ਇੱਕ ਚੰਗੇ ਸਕੂਲ ਲਈ ਲੋੜੀਂਦੀਆਂ ਸਾਰੀਆਂ ਆਧੁਨਿਕ ਸਹੂਲਤਾਂ ਹੋਣਗੀਆਂ। ਮਲੇਰਕੋਟਲਾ ਅਤੇ ਨੇੜਲੇ ਪਿੰਡਾਂ ਦੇ ਵਿਦਿਆਰਥੀ ਹੁਣ ਆਪਣੇ ਘਰਾਂ ਦੇ ਨੇੜੇ ਹੀ ਮਿਆਰੀ ਸਿੱਖਿਆ ਪ੍ਰਾਪਤ ਕਰ ਸਕਣਗੇ।”
ਪੰਜਾਬ ਦੇ ਸਿੱਖਿਆ ਖੇਤਰ ਵਿੱਚ ਕੀਤੇ ਗਏ ਬਦਲਾਅ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਜਦੋਂ ਮੈਂ 2022 ਵਿੱਚ ਅਹੁਦਾ ਸੰਭਾਲਿਆ ਸੀ ਤਾਂ ਪੰਜਾਬ ਸਿੱਖਿਆ ਪੱਖੋਂ 27ਵੇਂ ਨੰਬਰ ‘ਤੇ ਸੀ। ਅੱਜ, ਪੰਜਾਬ ਪਹਿਲੇ ਨੰਬਰ ‘ਤੇ ਹੈ। ਅਸੀਂ ਕੇਰਲਾ ਅਤੇ ਹੋਰ ਸੂਬਿਆਂ ਨੂੰ ਪਛਾੜ ਦਿੱਤਾ ਹੈ। ਇਹ ਸੂਬਾ ਸਰਕਾਰ ਦੇ ਠੋਸ ਯਤਨਾਂ ਦਾ ਨਤੀਜਾ ਹੈ, ਜਿਸ ਵਿੱਚ ਅਧਿਆਪਕ ਸਿਖਲਾਈ ਪ੍ਰੋਗਰਾਮ, ਸਕੂਲ ਆਫ਼ ਐਮੀਨੈਂਸ ਅਤੇ ਹੋਰ ਪਹਿਲਕਦਮੀਆਂ ਸ਼ਾਮਲ ਹਨ।” ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਲ 2021 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਹੀ ਨੀਟ ਪ੍ਰੀਖਿਆ ਪਾਸ ਕੀਤੀ ਸੀ। ਸਾਲ 2026 ਵਿੱਚ, ਇਹ ਗਿਣਤੀ ਲਗਭਗ 11 ਗੁਣਾ ਵਧ ਕੇ 882 ਹੋ ਗਈ ਹੈ। ਇਹ ਗਿਣਤੀ ਸਾਡੀ ਸਰਕਾਰ ਅਤੇ ਉਨ੍ਹਾਂ ਲੋਕਾਂ ਵਿਚਲੇ ਵੱਡੇ ਅੰਤਰ ਨੂੰ ਦਰਸਾਉਂਦੀ ਹੈ ਜਿਨ੍ਹਾਂ ਨੇ ਕਦੇ ਵੀ ਸਕੂਲਾਂ ਅਤੇ ਸਿੱਖਿਆ ਬਾਰੇ ਕੋਈ ਚਿੰਤਾ ਨਹੀਂ ਕੀਤੀ।”
ਸਿੱਖਿਆ ਦੇ ਬਦਲ ਰਹੇ ਸੰਦਰਭ ਬਾਰੇ ਬੋਲਦਿਆਂ, ਉਨ੍ਹਾਂ ਕਿਹਾ, “ਹੁਣ ਸਮਾਂ ਆ ਗਿਆ ਹੈ ਜਦੋਂ ਲੋਕ ਆਪਣੇ ਕੋਲ ਮੌਜੂਦ ਪੈਸੇ ਜਾਂ ਸ਼ੋਅਰੂਮਾਂ ਤੋਂ ਨਹੀਂ, ਸਗੋਂ ਆਪਣੇ ਬੱਚਿਆਂ ਦੀ ਵਿਦਿਅਕ ਯੋਗਤਾ ਤੋਂ ਅਮੀਰ ਮੰਨੇ ਜਾਣਗੇ। ਅਸੀਂ ਇਹ ਯਕੀਨੀ ਬਣਾਉਣ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੇ ਹਾਂ ਕਿ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦਾ ਬਾਰਬਰ ਮੌਕਾ ਮਿਲੇ।” ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਰਧਾਰਤ ਕਰਨ ਸਬੰਧੀ ਸੂਬਾ ਸਰਕਾਰ ਦੀ ਪਹਿਲਕਦਮੀ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਹਾਲ ਹੀ ਵਿੱਚ ਸਮਾਪਤ ਹੋਏ ਵਿਧਾਨ ਸਭਾ ਸੈਸ਼ਨ ਵਿੱਚ, ਸੂਬਾ ਸਰਕਾਰ ਵੱਲੋਂ ਪੰਜਾਬ ਭਰ ਦੇ 7,800 ਪ੍ਰਾਈਵੇਟ ਸਕੂਲਾਂ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਵਾਲਾ ਕਾਨੂੰਨ ਲਿਆਂਦਾ ਗਿਆ ਹੈ। ਇਨ੍ਹਾਂ ਸਕੂਲਾਂ ਨੂੰ ਆਪਣੀਆਂ ਫੀਸਾਂ ਵਿੱਚ ਪੰਜ ਫ਼ੀਸਦ ਤੋਂ ਵੱਧ ਵਾਧਾ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।”
- 0
- 0
- 0
- 0















