ਟਾਈਮਜ਼ ਆਫ਼ ਪੰਜਾਬ ਬਿਊਰੋ
ਸ੍ਰੀ ਮੁਕਤਸਰ ਸਾਹਿਬ, 09 ਜੁਲਾਈ:–ਮੇਰਾ ਯੁਵਾ ਭਾਰਤ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਬੈਠਕ ਸਾਲ 2026-27 ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਮਿਤ ਕੁਮਾਰ ਪੰਚਾਲ ਦੀ ਰਹਿਨੁਮਾਈ ਹੇਠ ਆਯੋਜਿਤ ਕੀਤੀ ਗਈ।
ਬੈਠਕ ਦੌਰਾਨ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਤਨਵੀ ਅਗਰਵਾਲ ਨੇ ਮੇਰਾ ਯੁਵਾ ਭਾਰਤ ਮਾਈ ਭਾਰਤ ਦੇ ਉਦੇਸ਼ਾਂ ਅਤੇ ਨੌਜਵਾਨਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਮਾਈ ਭਾਰਤ ਰਾਹੀਂ ਨੌਜਵਾਨਾਂ ਨੂੰ ਸਮਾਜ ਸੇਵਾ, ਵਲੰਟੀਅਰਿਜ਼ਮ, ਖੇਡਾਂ, ਹੁਨਰ ਵਿਕਾਸ, ਲੀਡਰਸ਼ਿਪ, ਵਾਤਾਵਰਣ ਸੰਭਾਲ, ਨਸ਼ਾ ਮੁਕਤੀ, ਰਾਸ਼ਟਰ ਨਿਰਮਾਣ ਅਤੇ ਹੋਰ ਸਰਕਾਰੀ ਪ੍ਰੋਗਰਾਮਾਂ ਨਾਲ ਜੋੜਿਆ ਜਾਂਦਾ ਹੈ।
ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਨੌਜਵਾਨਾਂ ਨੂੰ ਮਾਈ ਭਾਰਤ ਪੋਰਟਲ ‘ਤੇ ਰਜਿਸਟਰ ਹੋਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਰਜਿਸਟ੍ਰੇਸ਼ਨ ਰਾਹੀਂ ਉਹ ਵੱਖ-ਵੱਖ ਯੁਵਾ ਗਤੀਵਿਧੀਆਂ, ਸਿਖਲਾਈ ਪ੍ਰੋਗਰਾਮਾਂ, ਵਲੰਟੀਅਰ ਮੌਕਿਆਂ ਅਤੇ ਸਰਕਾਰੀ ਪਹਿਲਕਦਮੀਆਂ ਦਾ ਲਾਭ ਉਠਾ ਸਕਦੇ ਹਨ ਅਤੇ ਦੇਸ਼ ਦੇ ਵਿਕਾਸ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ।
ਇਸ ਮੌਕੇ ਬੈਠਕ ਵਿੱਚ ਹਾਜ਼ਰ ਅਧਿਕਾਰੀਆਂ ਵੱਲੋਂ ਵੀ ਆਪਣੇ ਸੁਝਾਅ ਸਾਂਝੇ ਕੀਤੇ ਗਏ ਅਤੇ ਜ਼ਿਲ੍ਹੇ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਆਪਸੀ ਸਹਿਯੋਗ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਜਗਮੋਹਨ ਸਿੰਘ ਮਾਨ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਯਾਦਵਿੰਦਰ ਸਿੰਘ ਮਾਨ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜਿੰਦਰ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
- 0
- 0
- 0
- 0














