–ਫਰੀਦਕੋਟ ਦੇ ਪਿੰਡ ਪੰਜਗਰਾਈਂ ਕਲਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਰੂ-ਬ-ਰੂ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿੱਥੇ ਪੰਜਾਬ ਨੂੰ ਨਸ਼ਿਆਂ, ਬੇਰੁਜ਼ਗਾਰੀ ਅਤੇ ਪਤਨ ਵੱਲ ਧੱਕਿਆ, ਉੱਥੇ ‘ਆਪ’ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ, ਪਾਰਦਰਸ਼ੀ ਸਰਕਾਰੀ ਭਰਤੀ, ਸਿੱਖਿਆ ਵਿੱਚ ਇਤਿਹਾਸਕ ਸੁਧਾਰ, ਸਾਰਿਆਂ ਲਈ ਸਿਹਤ ਸਹੂਲਤਾਂ ਅਤੇ ਔਰਤਾਂ ਦੇ ਹਿੱਤ ਵਾਲੀਆਂ ਭਲਾਈ ਸਕੀਮਾਂ ਰਾਹੀਂ ਸੂਬੇ ਦੀ ਨੁਹਾਰ ਬਦਲ ਰਹੀ ਹੈ।
ਟਾਈਮਜ਼ ਆਫ਼ ਪੰਜਾਬ ਬਿਊਰੋ
ਫਰੀਦਕੋਟ/ਪੰਜਗਰਾਈਂ ਕਲਾਂ 22 ਜੂਨ –-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਲੋਕ ਇਹ ਨਹੀਂ ਭੁੱਲੇ ਕਿ ਕਿਸ ਤਰ੍ਹਾਂ ਬਾਦਲ ਪਰਿਵਾਰ ਅਤੇ ਅਕਾਲੀ ਲੀਡਰਸ਼ਿਪ ਨੇ ਵਾਰ-ਵਾਰ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕੀਤਾ, ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ, ਸਿਆਸੀ ਲਾਹੇ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਵਧਣ-ਫੁੱਲਣ ਦਿੱਤਾ। ਫਰੀਦਕੋਟ ਦੇ ਪਿੰਡ ਪੰਜਗਰਾਈਂ ਕਲਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਰੂ-ਬ-ਰੂ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿੱਥੇ ਪੰਜਾਬ ਨੂੰ ਨਸ਼ਿਆਂ, ਬੇਰੁਜ਼ਗਾਰੀ ਅਤੇ ਪਤਨ ਵੱਲ ਧੱਕਿਆ, ਉੱਥੇ ‘ਆਪ’ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ, ਪਾਰਦਰਸ਼ੀ ਸਰਕਾਰੀ ਭਰਤੀ, ਸਿੱਖਿਆ ਵਿੱਚ ਇਤਿਹਾਸਕ ਸੁਧਾਰ, ਸਾਰਿਆਂ ਲਈ ਸਿਹਤ ਸਹੂਲਤਾਂ ਅਤੇ ਔਰਤਾਂ ਦੇ ਹਿੱਤ ਵਾਲੀਆਂ ਭਲਾਈ ਸਕੀਮਾਂ ਰਾਹੀਂ ਸੂਬੇ ਦੀ ਨੁਹਾਰ ਬਦਲ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਪੰਜਗਰਾਈਂ ਵਿਚ ਲੋਕ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਕਬੱਡੀਆਂ ਖੇਡਣ ਵਾਲੇ ਅਤੇ ਕੁਸ਼ਤੀਆਂ ਲੜਨ ਵਾਲੇ ਪੰਜਾਬ ਦੇ ਜਵਾਨਾਂ ਨੂੰ ਸਿਆਸੀ ਆਗੂਆਂ ਨੇ ਚਿੱਟੇ ’ਤੇ ਲਾ ਦਿੱਤਾ ਹੈ। ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਤੋਂ ਸਕੂਲਾਂ ਵਿੱਚ ਪੜ੍ਹਾਈ ਅਤੇ ਹਸਪਤਾਲਾਂ ਵਿੱਚ ਇਲਾਜ ਹੋਣ ਲੱਗਾ ਹੈ। ਮੁੱਖ ਮੰਤਰੀ ਨੇ ਪੰਜਗਰਾਈਂ ਪਿੰਡ ਦੇ ਵਿਕਾਸ ਲਈ 50 ਲੱਖ ਰੁਪਏ ਦਾ ਚੈਕ ਵਿਧਾਇਕ ਅਮੋਲਕ ਸਿੰਘ ਨੂੰ ਭੇਟ ਕੀਤਾ।
ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਜਿਹੜੀਆਂ ਵੀ ਗਾਰੰਟੀਆਂ ਦਿੱਤੀਆਂ ਸਨ, ਉਹ ਸਾਰੀਆਂ ਹੀ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ, ਵਪਾਰੀ ਅਤੇ ਮਜ਼ਦੂਰ ਹਰ ਵਰਗ ਨੂੰ ਸਰਕਾਰ ਵੱਲੋਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਦਾ ਸਵਾਗਤ ਕਰਦਿਆਂ ਐਮ ਐਲ ਏ ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕਰ ਕੇ ਜੈਤੋ ਹਲਕੇ ਦੇ ਵਿਕਾਸ ਵਿੱਚ ਕਦੇ ਵੀ ਬਰੇਕ ਨਹੀਂ ਲੱਗੀ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਵਿਕਾਸ ਲਈ ਆਉਂਦੇ ਦਿਨਾਂ ਵਿੱਚ ਹੋਰ ਵੱਡੇ ਕੰਮ ਕੀਤੇ ਜਾਣਗੇ।
ਭਗਵੰਤ ਮਾਨ ਨੇ ਕਿਹਾ ਕਿ 10 ਲੱਖ ਵਾਲੇ ਕਾਰਡ ਰਾਹੀਂ ਹੁਣ ਤੱਕ 660 ਕਰੋੜ ਰੁਪਏ ਲੋਕਾਂ ਦੇ ਇਲਾਜ ’ਤੇ ਖਰਚਾ ਕੀਤਾ ਜਾ ਚੁੱਕਾ ਹੈ ਅਤੇ ਇਸ ਕਾਰਡ ਨਾਲ ਹੁਣ 2600 ਬਿਮਾਰੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਹਿਲੀ ਜੁਲਾਈ ਨੂੰ ਔਰਤਾਂ ਦੇ ਖਾਤਿਆਂ ਵਿੱਚ 3 ਮਹੀਨੇ (ਅਪ੍ਰੈਲ, ਮਈ ਅਤੇ ਜੂਨ) ਦੇ ਪੈਸੇ ਆਉਣਗੇ। ਇਸ ਸਮੇਂ ਉਨ੍ਹਾਂ ਵਿਰੋਧੀ ਪਾਰਟੀਆਂ ’ਤੇ ਨਿਸ਼ਾਨੇ ਸੇਧੇ ਤੇ ਲੋਕਾਂ ਦੀ ਸਿਫਾਰਸ਼ ’ਤੇ ਚਰਚਿਤ ਕਿੱਕਲੀ ਵੀ ਸੁਣਾਈ।
- 0
- 0
- 0
- 0















