ਟਾਈਮਜ਼ ਆਫ਼ ਪੰਜਾਬ ਬਿਊਰੋ
ਮੋਹਾਲੀ, 9 ਅਗਸਤ –ਮੋਹਾਲੀ ਦੇ ਕੁੰਭੜਾ ਇਲਾਕੇ ਵਿੱਚ ਦਿਨ-ਦਿਹਾੜੇ ਇਕ ਸਰਕਾਰੀ ਹਾਈ ਸਕੂਲ ਦੇ ਹੈਡਮਾਸਟਰ ਗੁਰਸੇਵਕ ਸਿੰਘ ਦੇ ਬੇਰਹਿਮੀ ਨਾਲ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ’ਤੇ ਕੁੱਝ ਦਿਨ ਪਹਿਲਾਂ ਅਣਪਛਾਤੇ ਹਮਲਾਵਰਾਂ ਨੇ ਜਾਨਲੇਵਾ ਹਮਲਾ ਕੀਤਾ ਸੀ। ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਵੀਰਵਾਰ ਨੂੰ ਉਨ੍ਹਾਂ ਦੀ ਸਰਜਰੀ ਕੀਤੀ ਗਈ।ਦੱਸਿਆ ਜਾ ਰਿਹਾ ਹੈ ਕਿ ਸਰਜਰੀ ਤੋਂ ਬਾਅਦ ਉਨ੍ਹਾਂ ਨੂੰ ਕਾਰਡਿਐਕ ਅਰੇਸਟ ਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਸੀ। ਡਾਕਟਰਾਂ ਵੱਲੋਂ ਉਨ੍ਹਾਂ ਦੀ ਹਾਲਤ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਸੀ, ਪਰ ਬੀਤੀ ਰਾਤ ਉਹ ਜ਼ਿੰਦਗੀ ਦੀ ਜੰਗ ਹਾਰ ਗਏ ਅਤੇ ਉਨ੍ਹਾਂ ਦਾ ਦਿਹਾਂਤ ਹੋ ਗਿਆ।
ਮੁੱਢਲੀ ਜਾਣਕਾਰੀ ਅਨੁਸਾਰ, ਮੁਲਜ਼ਮ ਇੱਕ ਕਾਰ ਵਿੱਚ ਆਏ ਸਨ। ਉਨ੍ਹਾਂ ਨੇ ਗੁਰਸੇਵਕ ਸਿੰਘ ਨੂੰ ਨਿਸ਼ਾਨਾ ਬਣਾਉਂਦੇ ਹੋਏ ਅਚਾਨਕ ਹਮਲਾ ਕਰ ਦਿੱਤਾ। ਚਸ਼ਮਦੀਦ ਗਵਾਹਾਂ ਨੇ ਦੱਸਿਆ ਕਿ ਹਮਲਾਵਰ ਕੁਹਾੜੀਆਂ ਅਤੇ ਤੇਜ਼ਧਾਰ ਖੰਜਰਾਂ ਨਾਲ ਲੈਸ ਸਨ। ਅਪਰਾਧ ਕਰਨ ਤੋਂ ਬਾਅਦ, ਮੁਲਜ਼ਮ ਉਸੇ ਕਾਰ ਵਿੱਚ ਘਟਨਾ ਵਾਲੀ ਥਾਂ ਤੋਂ ਫਰਾਰ ਹੋ ਗਏ। ਪੁਲਿਸ ਹੁਣ ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਵਾਹਨ ਦਾ ਪਤਾ ਲਗਾਉਣ ਲਈ ਕੰਮ ਕਰ ਰਹੀ ਹੈ। ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀ ਘਟਨਾ ਵਾਲੀ ਥਾਂ ‘ਤੇ ਪਹੁੰਚੇ। ਪੁਲਿਸ ਨੇ ਮੌਕੇ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਸਬੂਤ ਇਕੱਠੇ ਕੀਤੇ। ਘਟਨਾ ਬਾਰੇ ਸੂਚਨਾ ਮਿਲਣ ‘ਤੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਦਿਨ-ਦਿਹਾੜੇ ਹੋਏ ਇਸ ਕਤਲ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ। ਉਹ ਕੁੰਭੜਾ ਦੇ ਇੱਕ ਸਰਕਾਰੀ ਸਕੂਲ ਵਿੱਚ ਮੁੱਖ ਅਧਿਆਪਕ ਵਜੋਂ ਤਾਇਨਾਤ ਸਨ। ਦੱਸਿਆ ਜਾ ਰਿਹਾ ਹੈ ਕਿ ਜਦੋਂ ਹਮਲਾਵਰਾਂ ਨੇ ਉਨ੍ਹਾਂ ‘ਤੇ ਹਮਲਾ ਕੀਤਾ, ਤਾਂ ਉਹ ਸਕੂਲ ਨਾਲ ਸਬੰਧਤ ਕੰਮ ਲਈ ਉੱਥੇ ਮੌਜੂਦ ਸਨ।
- 0
- 0
- 0
- 0















