–ਸਾਫ਼-ਸੁਥਰੇ ਅਤੇ ਕਬਜ਼ਾ-ਮੁਕਤ ਅੰਮ੍ਰਿਤਸਰ ਲਈ ਮੁਹਿੰਮ ਨਿਰੰਤਰ ਜਾਰੀ ਰਹੇਗੀ: ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ
ਟਾਈਮਜ਼ ਆਫ਼ ਪੰਜਾਬ ਬਿਊਰੋ
ਅੰਮ੍ਰਿਤਸਰ, 2 ਜੁਲਾਈ – ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਮਜੀਠਾ ਰੋਡ ‘ਤੇ ਵਿਸ਼ੇਸ਼ ਸਾਂਝੀ ਇਨਫੋਰਸਮੈਂਟ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੀ ਅਗਵਾਈ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਨੇ ਕੀਤੀ। ਸਿਹਤ ਵਿਭਾਗ ਅਤੇ ਅਸਟੇਟ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਚਲਾਈ ਗਈ ਇਸ ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਸਫ਼ਾਈ ਨੂੰ ਯਕੀਨੀ ਬਣਾਉਣਾ ਅਤੇ ਸਰਕਾਰੀ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣਾ ਸੀ।
ਮੁਹਿੰਮ ਦੌਰਾਨ ਗੰਦਗੀ ਫੈਲਾਉਣ ਅਤੇ ਠੋਸ ਕੂੜਾ ਪ੍ਰਬੰਧਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਵਪਾਰਕ ਇਕਾਈਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਨਿਊ ਲਾਈਫ ਹਸਪਤਾਲ ਨੂੰ ਠੋਸ ਕੂੜਾ ਪ੍ਰਬੰਧਨ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 10,000 ਰੁਪਏ ਦਾ ਜੁਰਮਾਨਾ ਕੀਤਾ ਗਿਆ। ਇਸ ਤੋਂ ਇਲਾਵਾ ਸੁਭਾਸ਼ ਜੂਸ ਬਾਰ ਅਤੇ ਅਰੋੜਾ ਜੂਸ ਐਂਡ ਆਈਸਕ੍ਰੀਮ ਦੇ ਚਲਾਨ ਕੱਟਦੇ ਹੋਏ ਹਰੇਕ ਨੂੰ 2,000 ਰੁਪਏ ਦਾ ਜੁਰਮਾਨਾ ਕੀਤਾ ਗਿਆ।
ਅਸਟੇਟ ਵਿਭਾਗ ਵੱਲੋਂ ਮਜੀਠਾ ਰੋਡ ‘ਤੇ ਸੜਕਾਂ ਅਤੇ ਹੋਰ ਸਰਕਾਰੀ ਥਾਵਾਂ ‘ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਵੀ ਹਟਾਏ ਗਏ, ਤਾਂ ਜੋ ਆਵਾਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ ਅਤੇ ਸਰਕਾਰੀ ਥਾਵਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾ ਸਕੇ।
ਇਸ ਮੌਕੇ ਸੈਨੀਟੇਸ਼ਨ ਅਫ਼ਸਰ ਮਲਕੀਤ ਸਿੰਘ ਖਹਿਰਾ, ਸੁਪਰਡੈਂਟ ਧਰਮਿੰਦਰ ਸਿੰਘ, ਚੀਫ਼ ਸੈਨੇਟਰੀ ਇੰਸਪੈਕਟਰ ਹਰਿੰਦਰਪਾਲ ਸਿੰਘ, ਸੈਨੇਟਰੀ ਇੰਸਪੈਕਟਰ ਅਮਰੀਕ ਸਿੰਘ, ਅਮਨਦੀਪ ਸਿੰਘ ਅਤੇ ਸੰਜੀਵ ਅਰੋੜਾ ਸਮੇਤ ਹੋਰ ਵਿਭਾਗੀ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।
ਸਿਹਤ ਵਿਭਾਗ ਵੱਲੋਂ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਈ ਰੱਖਣ ਲਈ ਸਹਿਯੋਗ ਕਰਨ, ਗੰਦਗੀ ਨਾ ਫੈਲਾਉਣ ਅਤੇ ਸਰਕਾਰੀ ਥਾਵਾਂ ‘ਤੇ ਨਾਜਾਇਜ਼ ਕਬਜ਼ੇ ਕਰਨ ਤੋਂ ਗੁਰੇਜ਼ ਕਰਨ। ਨਗਰ ਨਿਗਮ ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਇਨਫੋਰਸਮੈਂਟ ਮੁਹਿੰਮਾਂ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹਿਣਗੀਆਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਨਗਰ ਨਿਗਮ ਸਾਫ਼-ਸੁਥਰੇ, ਸਿਹਤਮੰਦ ਅਤੇ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਅੰਮ੍ਰਿਤਸਰ ਦੇ ਨਿਰਮਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਬਣਾਈ ਰੱਖਣ ਅਤੇ ਸਰਕਾਰੀ ਸੰਪਤੀ ਦੀ ਸੰਭਾਲ ਲਈ ਨਗਰ ਨਿਗਮ ਦਾ ਪੂਰਾ ਸਹਿਯੋਗ ਕਰਨ, ਤਾਂ ਜੋ ਅੰਮ੍ਰਿਤਸਰ ਨੂੰ ਇੱਕ ਸਾਫ਼, ਸੁੰਦਰ ਅਤੇ ਸੁਵਿਧਾਜਨਕ ਸ਼ਹਿਰ ਬਣਾਇਆ ਜਾ ਸਕੇ।
- 0
- 0
- 0
- 0














