Home » ਪੰਜਾਬ » 15 ਅਗਸਤ ਤੋਂ ਪਹਿਲਾਂ ਧੋਬੀਆਣਾ ਬਸਤੀ ਵਿੱਚ ਸ਼ੁਰੂ ਹੋਵੇਗਾ ਸੀਵਰੇਜ ਪ੍ਰੋਜੈਕਟ, ਵਿਕਾਸ ਕਾਰਜਾਂ ਨੂੰ ਦਿੱਤੀ ਜਾਵੇਗੀ ਰਫ਼ਤਾਰ: ਮੇਅਰ ਪਦਮਜੀਤ ਸਿੰਘ ਮਹਿਤਾ

15 ਅਗਸਤ ਤੋਂ ਪਹਿਲਾਂ ਧੋਬੀਆਣਾ ਬਸਤੀ ਵਿੱਚ ਸ਼ੁਰੂ ਹੋਵੇਗਾ ਸੀਵਰੇਜ ਪ੍ਰੋਜੈਕਟ, ਵਿਕਾਸ ਕਾਰਜਾਂ ਨੂੰ ਦਿੱਤੀ ਜਾਵੇਗੀ ਰਫ਼ਤਾਰ: ਮੇਅਰ ਪਦਮਜੀਤ ਸਿੰਘ ਮਹਿਤਾ

Facebook
X
WhatsApp
Email
–ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
–ਕਿਹਾ, 60 ਸਾਲਾਂ ਤੋਂ ਵਿਕਾਸ ਤੋਂ ਵਾਂਝੇ ਇਲਾਕੇ ਦੀ ਹੁਣ ਬਦਲੇਗੀ ਨੁਹਾਰ
–ਸੀਵਰੇਜ ਮਗਰੋਂ ਇੰਟਰਲਾਕਿੰਗ ਟਾਈਲਾਂ ਨਾਲ ਸੰਵਾਰੀਆਂ ਜਾਣਗੀਆਂ ਗਲੀਆਂ
ਟਾਈਮਜ਼ ਆਫ਼ ਪੰਜਾਬ ਬਿਊਰੋ
ਬਠਿੰਡਾ, 14 ਜੁਲਾਈ :–ਨਗਰ ਨਿਗਮ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਸ਼੍ਰੀਮਤੀ ਰਾਮਪਿਆਰੀ ਦੇ ਵਾਰਡ ਨੰਬਰ 15 ਵਿਖੇ ਸਥਿਤ ਧੋਬੀਆਣਾ ਬਸਤੀ ਵਿੱਚ ਕਰਵਾਈ ਲੋਕ ਮਿਲਣੀ ਦੌਰਾਨ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਧੋਬੀਆਣਾ ਬਸਤੀ ਪਿਛਲੇ ਕਰੀਬ 60 ਸਾਲਾਂ ਤੋਂ ਵਿਕਾਸ ਪੱਖੋਂ ਅਣਗੌਲੀ ਰਹੀ ਹੈ, ਪਰ ਹੁਣ ਲੋਕਾਂ ਦੇ ਵਿਸ਼ਵਾਸ ਅਤੇ ਪਰਮਾਤਮਾ ਦੀ ਕਿਰਪਾ ਨਾਲ ਉਨ੍ਹਾਂ ਨੂੰ ਇਸ ਇਲਾਕੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦਾ ਸਰਵਪੱਖੀ ਵਿਕਾਸ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।
ਉਨ੍ਹਾਂ ਐਲਾਨ ਕੀਤਾ ਕਿ 15 ਅਗਸਤ ਤੋਂ ਪਹਿਲਾਂ ਧੋਬੀਆਣਾ ਬਸਤੀ ਵਿੱਚ ਸੀਵਰੇਜ ਪ੍ਰੋਜੈਕਟ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੀਵਰੇਜ ਦਾ ਕੰਮ ਮੁਕੰਮਲ ਹੋਣ ਉਪਰੰਤ ਤੁਰੰਤ ਹੀ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਵਿਛਾਈਆਂ ਜਾਣਗੀਆਂ, ਜਿਸ ਨਾਲ ਬਸਤੀ ਦੀ ਨੁਹਾਰ ਬਦਲ ਜਾਵੇਗੀ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦਾ ਪੂਰਾ ਲਾਭ ਮਿਲੇਗਾ।
ਮੇਅਰ ਨੇ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਉਨ੍ਹਾਂ ’ਤੇ ਜੋ ਵਿਸ਼ਵਾਸ ਪ੍ਰਗਟਾਇਆ ਹੈ, ਉਹ ਉਸ ’ਤੇ ਪੂਰੀ ਤਰ੍ਹਾਂ ਖਰੇ ਉਤਰਣਗੇ। ਉਨ੍ਹਾਂ ਕਿਹਾ ਕਿ ਵਾਰਡ ਦੀ ਹਰ ਸਮੱਸਿਆ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਕਿਸੇ ਵੀ ਵਿਕਾਸ ਕਾਰਜ ਵਿੱਚ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਲਈ ਇਤਿਹਾਸਕ ਫ਼ੈਸਲੇ ਲੈ ਰਹੀ ਹੈ। ਸਿੱਖਿਆ, ਸਿਹਤ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਪੰਜਾਬ ਨੂੰ ਮੁੜ “ਰੰਗਲਾ ਪੰਜਾਬ” ਬਣਾਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 10 ਲੱਖ ਰੁਪਏ ਤੱਕ ਦਾ ਸਿਹਤ ਕਵਰ, ਮੇਰੀ ਰਸੋਈ ਯੋਜਨਾ, ਮਹਿਲਾਵਾਂ ਦੇ ਸਨਮਾਨ ਲਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ਅਤੇ ਹਾਦਸਿਆਂ ਵਿੱਚ ਜ਼ਖ਼ਮੀਆਂ ਨੂੰ ਤੁਰੰਤ ਸਹਾਇਤਾ ਦੇਣ ਲਈ ਸੜਕ ਸੁਰੱਖਿਆ ਫੋਰਸ ਵਰਗੀਆਂ ਕਈ ਲੋਕ ਭਲਾਈ ਸਕੀਮਾਂ ਸਫ਼ਲਤਾਪੂਰਵਕ ਲਾਗੂ ਕੀਤੀਆਂ ਗਈਆਂ ਹਨ।
ਮੇਅਰ ਨੇ ਕਿਹਾ ਕਿ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਸਦਕਾ ਅੱਜ ਕਰੀਬ 90 ਫ਼ੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ 600 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਲਈ ਵੀ ਸਰਕਾਰ ਯਤਨਸ਼ੀਲ ਹੈ।
ਕਾਨੂੰਨ-ਵਿਵਸਥਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਗੈਰ-ਕਾਨੂੰਨੀ ਢੰਗ ਨਾਲ ਬਣਾਈਆਂ ਗਈਆਂ ਜਾਇਦਾਦਾਂ ਵਿਰੁੱਧ ਕਾਰਵਾਈ ਕਰਕੇ ਕਾਨੂੰਨ ਦਾ ਰਾਜ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਨਿਰੰਤਰ ਮੁਹਿੰਮ ਚਲਾਈ ਜਾ ਰਹੀ ਹੈ।
ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਬਠਿੰਡਾ ਵਿੱਚ ਰਿਕਾਰਡ ਪੱਧਰ ’ਤੇ ਵਿਕਾਸ ਕਾਰਜ ਹੋਏ ਹਨ। ਆਉਣ ਵਾਲੇ ਸਮੇਂ ਵਿੱਚ ਕਈ ਹੋਰ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਹੋਣਗੇ, ਜੋ ਸ਼ਹਿਰ ਦੀ ਤਸਵੀਰ ਬਦਲਣ ਦੇ ਨਾਲ-ਨਾਲ ਇਸ ਨੂੰ ਦੇਸ਼ ਦੇ ਆਧੁਨਿਕ ਸ਼ਹਿਰਾਂ ਦੀ ਕਤਾਰ ਵਿੱਚ ਖੜ੍ਹਾ ਕਰਨਗੇ।
ਅੰਤ ਵਿੱਚ ਉਨ੍ਹਾਂ ਭਰੋਸਾ ਦਿੱਤਾ ਕਿ ਵਾਰਡ ਨੰਬਰ 15 ਦੀ ਹਰ ਸਮੱਸਿਆ ਦਾ ਸਮੇਂ ਸਿਰ ਹੱਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਸ੍ਰੀ ਅਸੇਸਰ ਪਾਸਵਾਨ, ਬਲਾਕ ਪ੍ਰਧਾਨ ਸ੍ਰੀ ਗੁਰਬਿੰਦਰ ਸਿੰਘ, ਸ੍ਰੀ ਆਨੰਦ ਗੁਪਤਾ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories