ਅਜੈ ਮਨਚੰਦ
ਕੋਟਕਪੂਰਾ 14 ਜੁਲਾਈ — ਕੋਟਕਪੂਰਾ ਦੇ ਵਾਰਡ ਨੰਬਰ 19 ਦੀ ਸ਼੍ਰੀ ਰਾਮ ਕਾਲੋਨੀ ਦੀ ਮੇਨ ਗਲੀ ਵਿੱਚ ਪਿਛਲੇ ਕਈ ਸਮੇਂ ਤੋਂ ਸੀਵਰੇਜ ਓਵਰਫਲੋ ਦੀ ਸਮੱਸਿਆ ਕਾਰਨ ਇਲਾਕਾ ਨਿਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਲੀ ਵਿੱਚ ਗੰਦਾਪਾਣੀ ਇਕੱਠਾ ਹੋਣ ਨਾਲ ਨਾ ਸਿਰਫ ਆਵਾਜਾਈ ਵਿੱਚ ਰੁਕਾਵਟ ਪੈ ਰਹੀ ਹੈ, ਸਗੋਂ ਬਦਬੂ ਅਤੇ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਖਤਰਾ ਵੀ ਬਣ ਗਿਆ ਹੈ।
ਕਾਲੋਨੀ ਨਿਵਾਸੀਆਂ ਦਾ ਕਹਿਣਾ ਹੈ ਕਿ ਉਹ ਇਸ ਸਮੱਸਿਆ ਬਾਰੇ ਕਈ ਵਾਰ ਸਬੰਧਤ ਵਿਭਾਗ ਦੇ ਅਧਿਕਾਰੀਆਂ ਅਤੇ ਸਥਾਨਕ ਪ੍ਰਸ਼ਾਸਨ ਨੂੰ ਬੇਨਤੀ ਕਰ ਚੁੱਕੇ ਹਨ, ਪਰ ਅਜੇ ਤੱਕ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਇਲਾਕੇ ਵਿੱਚ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਸ਼੍ਰੀ ਰਾਮ ਕਾਲੋਨੀ ਦੀ ਮੇਨ ਗਲੀ ਵਿੱਚ ਅਜੇ ਵੀ ਇਹ ਮੁਸ਼ਕਿਲ ਜਿਉਂ ਦੀ ਤਿਉਂ ਬਣੀ ਹੋਈ ਹੈ।
ਕਾਲੋਨੀ ਨਿਵਾਸੀਆਂ ਨੇ ਦੱਸਿਆ ਕਿ ਹਰ ਰੋਜ਼ ਸੀਵਰੇਜ ਦਾ ਗੰਦਾਪਾਣੀ ਗਲੀ ਵਿੱਚ ਓਵਰਫਲੋ ਹੋ ਜਾਂਦਾ ਹੈ, ਜਿਸ ਨਾਲ ਬੱਚਿਆਂ, ਬੁਜ਼ੁਰਗਾਂ ਅਤੇ ਹੋਰ ਰਹਿਣ ਵਾਲਿਆਂ ਲਈ ਕਾਫੀ ਪਰੇਸ਼ਾਨੀ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਕਾਰਨ ਇਲਾਕੇ ਦੀ ਸਫਾਈ ਅਤੇ ਸਿਹਤ ਮਿਆਰ ਬਹੁਤ ਪ੍ਰਭਾਵਿਤ ਹੋ ਰਹੇ ਹਨ। ਇਸ ਮੌਕੇ ‘ਤੇ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਗੰਭੀਰ ਸਮੱਸਿਆ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਜਲਦੀ ਤੋਂ ਜਲਦੀ ਇਸਦਾ ਪੱਕਾ ਹੱਲ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।
- 0
- 0
- 0
- 0














