Home » ਪੰਜਾਬ » ਬਰਸਾਤੀ ਮੌਸਮ ਦੌਰਾਨ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਸਪੀਕਰ ਸੰਧਵਾਂ

ਬਰਸਾਤੀ ਮੌਸਮ ਦੌਰਾਨ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਸਪੀਕਰ ਸੰਧਵਾਂ

Facebook
X
WhatsApp
Email

— ਬਰਸਾਤੀ ਪਾਣੀ ਦੀ ਨਿਕਾਸੀ, ਸੀਵਰੇਜ ਪ੍ਰਬੰਧਾਂ ਅਤੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਅਜੈ ਮਨਚੰਦਾ

ਕੋਟਕਪੂਰਾ, 14 ਜੁਲਾਈ — ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਵਿਖੇ ਬਰਸਾਤੀ ਮੌਸਮ ਦੌਰਾਨ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਈ ਰੱਖਣ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਨੈਸ਼ਨਲ ਹਾਈਵੇ ਅਥਾਰਟੀ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ, ਸਥਾਨਕ ਸਰਕਾਰਾਂ ਵਿਭਾਗ, ਨਗਰ ਕੌਂਸਲ ਕੋਟਕਪੂਰਾ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਵਾਈਸ ਪ੍ਰਧਾਨ ਅਤੇ ਕੌਂਸਲਰਾਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਲਿਆਂ ਦੀ ਸਫ਼ਾਈ, ਸੀਵਰੇਜ ਲਾਈਨਾਂ ਦੀ ਸਫ਼ਾਈ, ਬਰਸਾਤੀ ਪਾਣੀ ਦੀ ਨਿਕਾਸੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਰਹਿੰਦੇ ਸਾਰੇ ਕੰਮ ਤਰਜੀਹ ਦੇ ਆਧਾਰ ਤੇ ਜਲਦ ਮੁਕੰਮਲ ਕੀਤੇ ਜਾਣ ਤਾਂ ਜੋ ਬਰਸਾਤ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸ਼ਹਿਰੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਅਤ ਸਾਫ਼ ਹੈ ਅਤੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨਾ ਹੀ ਸਰਕਾਰ ਦੀ ਪਹਿਲ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨੂੰ ਲੰਬੇ ਸਮੇਂ ਤੱਕ ਲਟਕਣ ਨਹੀਂ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਬੱਤੀਆਂ ਵਾਲੇ ਚੌਂਕ ਤੋਂ ਜੈਤੋ ਰੋਡ ਤੱਕ ਬਿਊਟੀਫਿਕੇਸ਼ਨ ਪ੍ਰੋਜੈਕਟ ਅਤੇ ਬੱਤੀਆਂ ਵਾਲੇ ਚੌਂਕ ਤੋਂ ਤਿੰਨ ਕੋਨੀ ਤੱਕ ਸੜਕ ਦੇ ਨਵੀਨੀਕਰਨ ਸਬੰਧੀ ਚੱਲ ਰਹੀ ਯੋਜਨਾਬੰਦੀ ਦੀ ਵੀ ਸਮੀਖਿਆ ਕੀਤੀ ਗਈ। ਸਪੀਕਰ ਸ. ਸੰਧਵਾਂ ਨੇ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਪ੍ਰੋਜੈਕਟਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਵਾਰਡ ਨੰਬਰ 13 ਅਤੇ ਵਾਰਡ ਨੰਬਰ 21 ਵਿੱਚ ਲੋਕਾਂ ਵੱਲੋਂ ਉਠਾਈਆਂ ਗਈਆਂ ਸੀਵਰੇਜ ਅਤੇ ਗਲੀਆਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਵੀ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ ਅਤੇ ਛੇਤੀ ਹੀ ਉੱਥੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਲੋਕ ਦੀ ਸੇਵਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ। ਮੀਟਿੰਗ ਵਿੱਚ ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਗੈਰੀ ਵੜਿੰਗ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਐਸ.ਡੀ.ਓ. ਭੋਲਾ ਸਿੰਘ ਅਤੇ ਜੂਨੀਅਰ ਇੰਜੀਨੀਅਰ ਪਰਵੇਸ਼ ਬਾਬੂ, ਨੈਸ਼ਨਲ ਹਾਈਵੇ ਅਥਾਰਟੀ ਦੇ ਐਸ.ਡੀ.ਓ. ਸਰਬਜੀਤ ਸਿੰਘ, ਕਾਰਜਸਾਧਕ ਅਫ਼ਸਰ ਅਮ੍ਰਿਤ ਲਾਲ, ਜੂਨੀਅਰ ਇੰਜੀਨੀਅਰ ਜਗਜੀਤ ਸਿੰਘ, ਅਮਨਦੀਪ ਸ਼ਰਮਾ, ਨਿਤਿਨ ਮਲਿਕ ਸਮੇਤ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories