–ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣ ਲਈ ਲਗਾਤਾਰ ਉਪਰਾਲੇ ਜਾਰੀ- ਲਾਭ ਸਿੰਘ ਉਗੋਕੇ
ਟਾਈਮਜ਼ ਆਫ਼ ਪੰਜਾਬ ਬਿਊਰੋ
ਬਰਨਾਲਾ/ਸਹਿਣਾ, 1 ਸਤੰਬਰ:– ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਪਿੰਡਾਂ ਵਿੱਚ ਖੇਡ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਪਿੰਡ ਸਹਿਣਾ ਵਿਖੇ 32 ਲੱਖ ਰੁਪਏ ਦੀ ਲਾਗਤ ਨਾਲ ਸ਼ਾਨਦਾਰ ਖੇਡ ਮੈਦਾਨ ਦਾ ਨਵੀਨੀਕਰਨ ਕਰਕੇ ਇਸਨੂੰ ਨੌਜਵਾਨਾਂ ਲਈ ਤਿਆਰ ਕਰਕੇ ਸਮਰਪਿਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਹਲਕਾ ਵਿਧਾਇਕ ਸ੍ਰ. ਲਾਭ ਸਿੰਘ ਉਗੋਕੇ ਨੇ ਦੱਸਿਆ ਕਿ ਇਹ ਖੇਡ ਮੈਦਾਨ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉਨ੍ਹਾਂ ਦੇ ਅੰਦਰ ਛਿਪੀ ਪ੍ਰਤਿਭਾ ਨੂੰ ਨਿਖਾਰਨ ਅਤੇ ਸਿਹਤਮੰਦ ਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵੱਲ ਇੱਕ ਬਹੁਤ ਹੀ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਵਿੱਚ ਅਥਾਹ ਹੁਨਰ ਹੈ, ਜਿਸਨੂੰ ਸਹੀ ਪਲੇਟਫਾਰਮ ਦੇਣ ਲਈ ਇਹ ਖੇਡ ਮੈਦਾਨ ਅਹਿਮ ਭੂਮਿਕਾ ਨਿਭਾਏਗਾ।
ਵਿਧਾਇਕ ਲਾਭ ਸਿੰਘ ਉਗੋਕੇ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਪੰਜਾਬ ਅੰਦਰ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਨੌਜਵਾਨਾਂ ਲਈ ਖੇਡਾਂ ਦੇ ਬਿਹਤਰ ਮੌਕੇ ਵੀ ਯਕੀਨੀ ਬਣਾਏ ਜਾ ਰਹੇ ਹਨ। ਪੰਜਾਬ ਸਰਕਾਰ ਦਾ ਮੁੱਖ ਟੀਚਾ ਨੌਜਵਾਨ ਪੀੜ੍ਹੀ ਨੂੰ ਖੇਡ ਮੈਦਾਨਾਂ ਵੱਲ ਮੋੜਨਾ ਹੈ ਤਾਂ ਜੋ ਰੰਗਲੇ ਪੰਜਾਬ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ। ਉਨ੍ਹਾਂ ਇਲਾਕਾ ਨਿਵਾਸੀਆਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਖੇਡ ਮੈਦਾਨ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਆਪਣੀ ਊਰਜਾ ਨੂੰ ਸਕਾਰਾਤਮਕ ਪਾਸੇ ਲਗਾਉਣ। ਇਸ ਮੌਕੇ ਵੱਖ ਵੱਖ ਅਹੁਦੇਦਾਰ ਅਤੇ ਪੰਚਾਇਤੀ ਨੁਮਾਇੰਦੇ ਮੌਜੂਦ ਸਨ।
- 0
- 0
- 0
- 0















