ਟਾਈਮਜ਼ ਆਫ਼ ਪੰਜਾਬ ਬਿਊਰੋ
ਆਦਮਪੁਰ/ਜਲੰਧਰ,06 ਸਤੰਬਰ :-– ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਦਾਣਾ ਮੰਡੀ, ਆਦਮਪੁਰ ਵਿਖੇ ਕਰਵਾਇਆ ਗਿਆ, ਜਿਸ ਵਿੱਚ ਗੁਰਬਾਣੀ ਕੀਰਤਨ ਤੇ ਧਾਰਮਿਕ ਭਜਨਾਂ ਨੇ ਵੱਡੀ ਗਿਣਤੀ ਵਿੱਚ ਸ਼ਾਮਿਲ ਸੰਗਤਾਂ ਨੂੰ ਅਧਿਆਤਮਿਕਤਾ ਦੇ ਰੰਗ ਵਿੱਚ ਰੰਗਿਆ। ਮਹਾਨ ਕੀਰਤਨ ਸਮਾਗਮ ਦੌਰਾਨ ਸੰਗਤਾਂ ਨੇ ਨਤਮਸਤਕ ਹੋਕੇ ਅਸ਼ੀਰਵਾਦ ਪ੍ਰਾਪਤ ਕੀਤਾ।
ਪੰਜਾਬ ਦੇ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਜੇਕੇ ਸਮੇਂ ਵਿੱਚ ਵੀ ਸਮਾਜ ਲਈ ਬਹੁਤ ਸਾਰਥਕ ਹਨ ਕਿਉਂਕਿ ਇਹ ਲੋਕਾਂ ਨੂੰ ਸਮਾਨਤਾ, ਸਮਾਜਿਕ ਨਿਆਂ, ਸਦਭਾਵਨਾ ਅਤੇ ਵਿਸ਼ਵਵਿਆਪੀ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਮਿਲ ਕੇ ਕੰਮ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ,ਪੰਜਾਬ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਭਰ ਵਿੱਚ ਅਜਿਹੇ ਕਈ ਸਮਾਗਮ ਵੱਡੇ ਪੱਧਰ ’ਤੇ ਕਰਵਾਏ ਜਾ ਰਹੇ ਹਨ।
ਹਲਕਾ ਇੰਚਾਰਜ ਸ਼੍ਰੀ ਪਵਨ ਕੁਮਾਰ ਟੀਨੂੰ, ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੇ ਨਾਲ ਸ੍ਰੀ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ।
ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਗੁਰੂ ਜੀ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਵਚਨਬੱਧ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਿਆਂ ਇਨ੍ਹਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ।
ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਕੀਰਤਨ ਦਰਬਾਰ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਸੰਗਤਾਂ ਨੂੰ ਅਸ਼ੀਰਵਾਦ ਦਿੰਦਿਆਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਅਧਿਆਤਮਿਕ ਅਤੇ ਸਮਾਜਿਕ ਸੰਦੇਸ਼ ਨੂੰ ਅੱਗੇ ਵਧਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਅਤੇ ਹਲਕਾ ਇੰਚਾਰਜ ਆਦਮਪੁਰ ਸ਼੍ਰੀ ਪਵਨ ਕੁਮਾਰ ਟੀਨੂੰ, ਜਿਨ੍ਹਾਂ ਸਮਾਗਮ ਦੀ ਮੇਜ਼ਬਾਨੀ ਕੀਤੀ, ਨੇ ਵਿੱਤ ਮੰਤਰੀ ਸ੍ਰ.ਹਰਪਾਲ ਸਿੰਘ ਚੀਮਾ ਅਤੇ ਸੰਤ ਨਿਰੰਜਣ ਦਾਸ ਜੀ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਇਕੱਠੇ ਲੋਕਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਮਹਾਨ ਕੀਰਤਨ ਦਰਬਾਰ ਆਦਮਪੁਰ ਹਲਕੇ ਵਿੱਚ ਕਰਵਾਉਣ ’ਤੇ ਉਹ ਆਪਣੇ ਆਪ ਨੂੰ ਵੱਡਭਾਗਾ ਮਹਿਸੂਸ ਕਰ ਰਹੇ ਹਨ।
ਪ੍ਰਸਿੱਧ ਕਲਾਕਾਰ ਦਲਵਿੰਦਰ ਦਿਆਲਪੁਰੀ, ਕੰਠ ਕਲੇਰ, ਸੂਫ਼ੀ ਕਲਾਕਾਰ ਕੁਲਵਿੰਦਰ ਕਿੰਦਾ, ਪਰਵੇਜ਼ ਆਲਮ ਵਲੋਂ ਧਾਰਮਿਕ ਪੇਸ਼ਕਾਰੀਆਂ ਨਾਲ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਤੇ ਜੀਵਨ ਫਲਸਫ਼ੇ ਨਾਲ ਜੋੜਿਆ ਗਿਆ।
- 0
- 0
- 0
- 0















