–ਜੁਰਮਾਨਾ ਲਗਾਉਣ ਸਬੰਧੀ ਮਤਾ ਪਾਸ ਕਰਨ ਦੀ ਤਿਆਰੀ
ਅਜੈ ਮਨਚੰਦਾ
ਕੋਟਕਪੂਰਾ 21 ਸਤੰਬਰ — ਕੋਟਕਪੂਰਾ ਸ਼ਹਿਰ ਦੇ ਬਾਜ਼ਾਰਾਂ ਵਿੱਚ ਨਾਜਾਇਜ਼ ਕਬਜ਼ਿਆਂ ਦੀ ਸਮੱਸਿਆ ਨੂੰ ਲੈ ਕੇ ਨਗਰ ਕੌਂਸਲ ਵੱਲੋਂ ਕਾਰਵਾਈ ਕੀਤੀ ਗਈ। ਨਗਰ ਕੌਂਸਲ ਦੀ ਟੀਮ ਨੇ ਵੱਖ-ਵੱਖ ਬਾਜ਼ਾਰਾਂ ਵਿੱਚ ਪਹੁੰਚ ਕੇ ਦੁਕਾਨਾਂ ਦੇ ਬਾਹਰ ਰੱਖਿਆ ਗਿਆ ਸਮਾਨ ਹਟਵਾਇਆ ਅਤੇ ਕੁਝ ਸਮਾਨ ਨੂੰ ਜ਼ਬਤ ਕੀਤਾ। ਇਸ ਕਾਰਵਾਈ ਦਾ ਮਕਸਦ ਬਾਜ਼ਾਰਾਂ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣਾ ਅਤੇ ਲੋਕਾਂ ਨੂੰ ਆਉਣ-ਜਾਣ ਵਿੱਚ ਹੋ ਰਹੀ ਪਰੇਸ਼ਾਨੀ ਨੂੰ ਘੱਟ ਕਰਨਾ ਸੀ।
ਜਾਣਕਾਰੀ ਅਨੁਸਾਰ ਸ਼ਹਿਰ ਦੇ ਕਈ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਸਮਾਨ ਰੱਖ ਦਿੱਤਾ ਜਾਂਦਾ ਹੈ, ਜਿਸ ਕਾਰਨ ਸੜਕਾਂ ਅਤੇ ਰਸਤੇ ਤੰਗ ਹੋ ਜਾਂਦੇ ਹਨ। ਇਸ ਨਾਲ ਬਾਜ਼ਾਰਾਂ ਵਿੱਚ ਆਉਣ ਵਾਲੇ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਦੇ ਮੱਦੇਨਜ਼ਰ ਨਗਰ ਕੌਂਸਲ ਦੀ ਟੀਮ ਵੱਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ।
ਇਸ ਮੌਕੇ ਨਗਰ ਕੌਂਸਲ ਦੇ ਕਰਮਚਾਰੀਆਂ ਨੇ ਦੱਸਿਆ ਕਿ ਦੁਕਾਨਦਾਰਾਂ ਨੂੰ ਬਾਜ਼ਾਰਾਂ ਵਿੱਚ ਆਵਾਜਾਈ ਵਿੱਚ ਵਿਘਨ ਨਾ ਪਾਉਣ ਅਤੇ ਦੁਕਾਨਾਂ ਦੇ ਬਾਹਰ ਸਮਾਨ ਨਾ ਰੱਖਣ ਸਬੰਧੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਾਜਾਇਜ਼ ਕਬਜ਼ੇ ਕਰਕੇ ਬਾਜ਼ਾਰਾਂ ਵਿੱਚ ਟਰੈਫਿਕ ਪ੍ਰਭਾਵਿਤ ਕਰਨ ਵਾਲਿਆਂ ਖ਼ਿਲਾਫ਼ ਜੁਰਮਾਨਾ ਲਗਾਉਣ ਸਬੰਧੀ ਮਤਾ ਪਾਸ ਕੀਤਾ ਜਾਵੇਗਾ।
ਕਰਮਚਾਰੀਆਂ ਅਨੁਸਾਰ ਮਤਾ ਪਾਸ ਹੋਣ ਤੋਂ ਬਾਅਦ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਜੁਰਮਾਨੇ ਦੀ ਕਾਰਵਾਈ ਕੀਤੀ ਜਾ ਸਕਦੀ ਹੈ। ਨਗਰ ਕੌਂਸਲ ਦੀ ਇਸ ਕਾਰਵਾਈ ਨਾਲ ਬਾਜ਼ਾਰਾਂ ਵਿੱਚ ਕਬਜ਼ਿਆਂ ਦੀ ਸਮੱਸਿਆ ’ਤੇ ਰੋਕ ਲਗਾਉਣ ਅਤੇ ਆਵਾਜਾਈ ਪ੍ਰਬੰਧ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
- 0
- 0
- 0
- 0















