–ਅਮਿਤ ਸ਼ਾਹ ਨੇ ਲੁਧਿਆਣਾ ਵਿੱਚ ਰਾਵਣ ਦੇ ਪੁਤਲੇ ਨੂੰ ਲਾਈ ਅੱਗ; ਪੰਜਾਬ ਵਿਚੋਂ ਨਸ਼ੇ ਦੇ ਖਾਤਮੇ ਦੀ ਤਰੀਕ ਦੱਸੀ
–ਅਮਿਤ ਸ਼ਾਹ ਨੇ ਕਿਹਾ “ਮੈਂ ਮੁੱਖ ਮੰਤਰੀ ਨੂੰ ਵੀ ਇੱਕ ਅਪੀਲ ਕਰਦਾ ਹਾਂ, ਤੁਸੀਂ ਬਾਕੀ ਰਹਿੰਦੇ 2 ਮਾਮਲੇ ਵੀ CBI ਦੇ ਹਵਾਲੇ ਕਰ ਦਿਓ।
ਟਾਈਮਜ਼ ਆਫ਼ ਪੰਜਾਬ ਬਿਊਰੋ
ਲੁਧਿਆਣਾ 20 ਅਕਤੂਬਰ :– ਪੰਜਾਬ ਵਿੱਚ ਦਿਨੋਂ-ਦਿਨ ਗੰਭੀਰ ਰੂਪ ਧਾਰਨ ਕਰ ਰਹੀ ਨਸ਼ਿਆਂ ਦੀ ਸਮੱਸਿਆ ਵਿਰੁੱਧ ਕੇਂਦਰ ਸਰਕਾਰ ਨੇ ਇੱਕ ਬਹੁਤ ਹੀ ਅਹਿਮ ਅਤੇ ਵੱਡੀ ਪਹਿਲਕਦਮੀ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦੌਰਾਨ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਉਨ੍ਹਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ। ਰਜਿੰਦਰ ਗੁਪਤਾ ਨੇ ਸਭ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਦਾ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜੀ ਆਇਆਂ ਆਖਿਆ। ਇਸ ਦੌਰਾਨ ਲੁਧਿਆਣਾ ਵਿਖੇ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਵਿੱਚ ਵੀ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁੱਖ ਰੂਪ ਵਿੱਚ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਦੇ ਨਾਲ ਸੂਬੇ ਦੇ ਹੋਰ ਵੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, MP ਤਰੁਣ ਚੁੱਘ & ਸੀਨੀਅਰ ਆਗੂ ਵਿਨੀਤ ਜੋਸ਼ੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੂਬਾ ਸਰਕਾਰ ਨੂੰ ਨਸ਼ਿਆਂ ਨਾਲ ਜੁੜੇ ਬਾਕੀ ਦੋ ਮਾਮਲੇ ਵੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਹਵਾਲੇ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਸਰਕਾਰ ਨੇ ਪੀ ਆਈ ਟੀ ਐੱਨ ਡੀ ਪੀ ਐੱਸ ਕਾਨੂੰਨ ਤਹਿਤ ਹੁਣ ਤੱਕ ਇੱਕ ਵੀ ਕੇਸ ਦਰਜ ਕਿਉਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਤਹਿਤ ਜ਼ਮਾਨਤ ਮਿਲਣੀ ਬੇਹੱਦ ਮੁਸ਼ਕਲ ਹੈ, ਇਸ ਲਈ ਸਰਕਾਰ ਨੂੰ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ। ਲੁਧਿਆਣਾ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਅਮਿਤ ਸ਼ਾਹ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਸਿਆਸੀ ਸਰਪ੍ਰਸਤੀ ਤੋਂ ਬਿਨਾਂ ਨਸ਼ਿਆਂ ਦਾ ਕਾਰੋਬਾਰ ਚੱਲਣਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦਾ ਜਾਲ ਫੈਲਿਆ ਹੋਇਆ ਹੈ ਅਤੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਲੋੜ ਹੈ।
ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਪੁਲੀਸ ਦੇ ਆਪਣੇ ਮੁਲਾਜ਼ਮ ਵੀ ਨਸ਼ਿਆਂ ਨਾਲ ਜੁੜੇ ਮਾਮਲਿਆਂ ਵਿੱਚ ਫੜੇ ਜਾ ਰਹੇ ਹਨ। ਉਨ੍ਹਾਂ ਦੇ ਇਸ ਬਿਆਨ ਦਾ ਮੁੱਖ ਨਿਸ਼ਾਨਾ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਕਾਰਵਾਈ ਅਤੇ ਪੁਲੀਸ ਪ੍ਰਬੰਧ ਰਿਹਾ। ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਪੁਲੀਸ ਦੇ ਮੁਲਾਜ਼ਮ ਹੀ ਅਜਿਹੇ ਮਾਮਲਿਆਂ ਵਿੱਚ ਸਾਹਮਣੇ ਆ ਰਹੇ ਹਨ ਤਾਂ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਸਰਕਾਰ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਸੂਬੇ ਵਿੱਚ ਨਸ਼ਿਆਂ ਦਾ ਕਾਰੋਬਾਰ ਦਿਨੋਂ-ਦਿਨ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਜਾਂ ਤਾਂ ਖ਼ੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ ਜਾਂ ਉਨ੍ਹਾਂ ਦਾ ਕਤਲ ਕਰ ਦਿੱਤਾ ਜਾਂਦਾ ਹੈ।
ਲੁਧਿਆਣਾ ਵਿੱਚ ਅਮਿਤ ਸ਼ਾਹ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਇਸ ਦੇ ਆਗੂਆਂ ਨੂੰ ਉਨ੍ਹਾਂ ਦਾ ਵਾਅਦਾ ਯਾਦ ਕਰਵਾਉਣ ਆਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਤਿੰਨ ਮਹੀਨਿਆਂ ਵਿੱਚ ਸੂਬੇ ਵਿੱਚੋਂ ਨਸ਼ਿਆਂ ਦਾ ਕਾਰੋਬਾਰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਇਸ ਦੇ ਉਲਟ ਨਸ਼ਿਆਂ ਦਾ ਕਾਰੋਬਾਰ ਲਗਾਤਾਰ ਵਧ ਰਿਹਾ ਹੈ। ਅਮਿਤ ਸ਼ਾਹ ਨੇ ਆਪਣੇ ਪੰਜਾਬ ਦੌਰੇ ਬਾਰੇ ਕਿਹਾ ਕਿ ਉਹ ਦੁੱਖ ਝੱਲ ਰਹੇ ਪਰਿਵਾਰਾਂ ਨੂੰ ਦਿਲਾਸਾ ਦੇਣ ਲਈ ਆਏ ਹਨ ਅਤੇ ਉਨ੍ਹਾਂ ਦਾ ਕੋਈ ਸਿਆਸੀ ਮਨੋਰਥ ਨਹੀਂ ਸੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਕਾਰਨ ਕਿਸੇ ਦੇ ਪੁੱਤਰ, ਕਿਸੇ ਦੇ ਭਰਾ ਅਤੇ ਕਿਸੇ ਦੇ ਪਤੀ ਦੀ ਮੌਤ ਹੋਈ ਹੈ। ਉਨ੍ਹਾਂ ਸਵਾਲ ਕੀਤਾ ਕਿ ਦੁੱਖ ਵਿੱਚ ਡੁੱਬੇ ਇਨ੍ਹਾਂ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਕੀ ਜਵਾਬ ਦੇਵੇਗੀ।
ਕੇਂਦਰੀ ਗ੍ਰਹਿ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਮੁੜ ਭਰੋਸਾ ਦਿਵਾਇਆ ਕਿ 31 ਦਸੰਬਰ 2029 ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਕਾਰੋਬਾਰ ਖ਼ਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਸ਼ਾਹ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਕਾਬੂ ਪਾਉਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਰੁਕਣ ਦੀ ਬਜਾਏ ਲਗਾਤਾਰ ਫੈਲ ਰਿਹਾ ਹੈ। ਅਮਿਤ ਸ਼ਾਹ ਦਾ ਪੰਜਾਬ ਦੌਰਾ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀਆਂ ਮੌਤਾਂ ਕਾਰਨ ਵੀ ਚਰਚਾ ਵਿੱਚ ਹੈ। ਉਹ ਗੁਰਦਾਸਪੁਰ, ਸੰਗਰੂਰ ਅਤੇ ਮਾਨਸਾ ਵਿੱਚ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣ ਲਈ ਆਏ ਹਨ। ਗੁਰਦਾਸਪੁਰ ਵਿੱਚ ਬਿਕਰਮਜੀਤ ਸਿੰਘ ਦੀ ਹੱਤਿਆ, ਸੰਗਰੂਰ ਵਿੱਚ ਗੁਲਜ਼ਾਰ ਸਿੰਘ ਦੀ ਮੌਤ ਅਤੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਸਿਆਸੀ ਚਰਚਾ ਦਾ ਕੇਂਦਰ ਬਣੇ ਹੋਏ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਿਤ ਸ਼ਾਹ ਦੇ ਦੌਰੇ ਤੋਂ ਪਹਿਲਾਂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦਾ ਮਾਮਲਾ ਸੀਬੀਆਈ ਨੂੰ ਸੌਂਪਣ ਦਾ ਐਲਾਨ ਕੀਤਾ ਸੀ। ਹੁਣ ਸ਼ਾਹ ਨੇ ਬਾਕੀ ਦੋ ਮਾਮਲੇ ਵੀ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ। ਉਨ੍ਹਾਂ ਦੇ ਬਿਆਨਾਂ ਨਾਲ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਾਲੇ ਸਿਆਸੀ ਟਕਰਾਅ ਹੋਰ ਤੇਜ਼ ਹੋਣ ਦੇ ਆਸਾਰ ਹਨ। ਸ਼ਾਹ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਸਿਆਸੀ ਸਰਪ੍ਰਸਤੀ ਦੀ ਜਾਂਚ ਅਤੇ ਸਖ਼ਤ ਕਾਰਵਾਈ ਦੀ ਲੋੜ ’ਤੇ ਜ਼ੋਰ ਦਿੱਤਾ ਹੈ।
- 0
- 0
- 0
- 0















