ਟਾਈਮਜ਼ ਆਫ਼ ਪੰਜਾਬ ਬਿਊਰੋ
ਮੋਗਾ,26 ਅਕਤੂਬਰ — ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਹੋਏ ਸਨਸਨੀਖੇਜ਼ ਗੋਲੀਕਾਂਡ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸੋਮਵਾਰ ਨੂੰ ਘਟਨਾ ਸਥਾਨ ’ਤੇ ਪਹੁੰਚੇ। ਉਨ੍ਹਾਂ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਪੀੜਤ ਪਰਿਵਾਰ ਦੇ ਮੈਂਬਰਾਂ ਨਾਲ ਗੱਲਬਾਤ ਕਰਕੇ ਮਾਮਲੇ ਦੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਾਰਦਾਤ ਨਾਲ ਜੁੜੇ ਹੋਰ ਪਹਿਲੂਆਂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਅੰਗਦਪੁਰਾ ਮੁਹੱਲੇ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਦੁਕਾਨ ਦੇ ਬਾਹਰ ਬੈਠੇ 4 ਤੋਂ 5 ਨੌਜਵਾਨਾਂ ’ਤੇ ਕਾਲੀ ਸਕਾਰਪੀਓ ਵਿੱਚ ਸਵਾਰ ਹੋ ਕੇ ਆਏ ਕੁਝ ਲੋਕਾਂ ਨੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਇਸ ਘਟਨਾ ਵਿੱਚ 2 ਨੌਜਵਾਨਾਂ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗਗਨ ਜਿੰਦਲ, ਉਮਰ 30 ਤੇ ਸਾਹਿਲ ਜਿੰਦਲ, ਉਮਰ 40 ਸਾਲ
ਵਜੋਂ ਹੋਈ ਹੈ। ਜਦਕਿ 5 ਗੰਭੀਰ ਜ਼ਖ਼ਮੀ ਹਨ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੁੱਢਲੀ ਜਾਣਕਾਰੀ ਮੁਤਾਬਕ ਦੋਵਾਂ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਘਟਨਾ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੁਲਿਸ ਜਾਂਚ ਤੋਂ ਬਾਅਦ ਹੀ ਹੋ ਸਕੇਗੀ।ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਇਸ ਤੋਂ ਇਲਾਵਾ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ ਹੈ।
ਮੋਗਾ ਦੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਅੰਗਦਪੁਰਾ ਮੁਹੱਲੇ ਵਿੱਚ ਫਾਇਰਿੰਗ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ ਸੀ। ਮੁੱਢਲੀ ਜਾਣਕਾਰੀ ਅਨੁਸਾਰ ਕਾਲੀ ਸਕਾਰਪੀਓ ਵਿੱਚ ਸਵਾਰ ਹੋ ਕੇ ਆਏ ਲੋਕਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਨੌਜਵਾਨਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੀੜਤ ਪਰਿਵਾਰ ਵੱਲੋਂ ਕੁਝ ਲੋਕਾਂ ਦੇ ਨਾਮ ਵੀ ਦੱਸੇ ਗਏ ਹਨ। ਪੁਲਿਸ ਸਬੰਧਤ ਲੋਕਾਂ ਦੇ ਬਿਆਨ ਦਰਜ ਕਰ ਰਹੀ ਹੈ ਅਤੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਐੱਸਐੱਸਪੀ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫੋਰੈਂਸਿਕ ਟੀਮ ਦੀ ਮਦਦ ਨਾਲ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
- 0
- 0
- 0
- 0














