Home » ਪੰਜਾਬ » ‘ਆਪ’ ਵੱਲੋਂ ਭਾਜਪਾ ਵਿਰੁੱਧ ਮੋਰਚਾ,ਪੰਜਾਬੀ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ: ਡਾ. ਬਲਬੀਰ ਸਿੰਘ

‘ਆਪ’ ਵੱਲੋਂ ਭਾਜਪਾ ਵਿਰੁੱਧ ਮੋਰਚਾ,ਪੰਜਾਬੀ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ: ਡਾ. ਬਲਬੀਰ ਸਿੰਘ

Facebook
X
WhatsApp
Email

ਟਾਈਮਜ਼ ਆਫ਼ ਪੰਜਾਬ ਬਿਊਰੋ

ਚੰਡੀਗੜ੍ਹ 10 ਮਈ — ਆਮ ਆਦਮੀ ਪਾਰਟੀ  ਨੇ ਐਤਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਸੂਬਾ ਵਿਆਪੀ ਪ੍ਰਦਰਸ਼ਨ ਸ਼ੁਰੂ ਕਰਦਿਆਂ ਦਾਅਵਾ ਕੀਤਾ ਕਿ ਭਾਜਪਾ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਗੈਰ-ਭਾਜਪਾ ਸਰਕਾਰਾਂ ਨੂੰ ਅਸਥਿਰ ਕਰਨ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਈਡੀ, ਸੀਬੀਆਈ ਅਤੇ ਇਨਕਮ ਟੈਕਸ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਵਿਰੁੱਧ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਭਾਜਪਾ ਦਫ਼ਤਰਾਂ ਦਾ ਘਿਰਾਓ ਕੀਤਾ ਅਤੇ ਨਰਿੰਦਰ ਮੋਦੀ ਤੇ ਭਾਜਪਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਹ ਪ੍ਰਦਰਸ਼ਨ ਹੁਸ਼ਿਆਰਪੁਰ, ਪਟਿਆਲਾ, ਮੋਹਾਲੀ ਅਤੇ ਪੰਜਾਬ ਦੇ ਕਈ ਹੋਰ ਹਿੱਸਿਆਂ ਵਿੱਚ ਕੀਤੇ ਗਏ, ਜਿੱਥੇ ‘ਆਪ’ ਆਗੂਆਂ ਨੇ ਕਿਹਾ ਕਿ ਭਾਜਪਾ ਚੁਣੀਆਂ ਹੋਈਆਂ ਸਰਕਾਰਾਂ ਨੂੰ ਡਰਾਉਣ ਅਤੇ ਵਿਰੋਧੀ ਧਿਰ ਦੀ ਆਵਾਜ਼ ਨੂੰ ਚੁੱਪ ਕਰਾਉਣ ਲਈ ਜਾਂਚ ਏਜੰਸੀਆਂ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ, ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਭਾਜਪਾ ‘ਤੇ ਹਰ ਉਸ ਸਿਆਸੀ ਤਾਕਤ ਨੂੰ ਕੁਚਲਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਜੋ ਉਸ ਅੱਗੇ ਝੁਕਣ ਤੋਂ ਇਨਕਾਰ ਕਰਦੀ ਹੈ।

ਪਟਿਆਲਾ ਵਿੱਚ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਰੋਸ ਮਾਰਚ ਦੀ ਅਗਵਾਈ ਕੀਤੀ ਅਤੇ “ਡਰ ਅਤੇ ਧਮਕਾਉਣ ਦੀ ਰਾਜਨੀਤੀ” ਕਰਨ ਲਈ ਭਾਜਪਾ ਦੀ ਸਖ਼ਤ ਆਲੋਚਨਾ ਕੀਤੀ। ਮੋਹਾਲੀ ਅਤੇ ਹੋਰ ਜ਼ਿਲ੍ਹਿਆਂ ਵਿੱਚ ਵੀ ਅਜਿਹੇ ਹੀ ਪ੍ਰਦਰਸ਼ਨ ਕੀਤੇ ਗਏ, ਜਿੱਥੇ ‘ਆਪ’ ਵਰਕਰਾਂ ਨੇ ਭਾਜਪਾ ਦਫ਼ਤਰਾਂ ਦੇ ਬਾਹਰ ਇਕੱਠੇ ਹੋ ਕੇ ਸੰਜੀਵ ਅਰੋੜਾ ਵਿਰੁੱਧ ਕੀਤੀ ਕਾਰਵਾਈ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਦਿਆਂ ਨਿੰਦਾ ਕੀਤੀ।

ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ੜਭਾਜਪਾ ਦੀ ਰਾਜਨੀਤੀ ਧਮਕੀਆਂ, ਛਾਪਿਆਂ ਅਤੇ ਜ਼ਬਰਦਸਤੀ ਦੇ ਦੁਆਲੇ ਘੁੰਮਦੀ ਹੈ। ਜਦੋਂ ‘ਆਪ’ ਨੇ ਕੇਂਦਰ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਨੇ ਪਹਿਲਾਂ ਪੰਜਾਬ ਦੇ ਰਾਜ ਸਭਾ ਮੈਂਬਰਾਂ ‘ਤੇ ਦਬਾਅ ਪਾਇਆ ਅਤੇ ਬਾਅਦ ਵਿੱਚ ਕੈਬਨਿਟ ਮੰਤਰੀਆਂ ਨੂੰ ਨਿਸ਼ਾਨਾ ਬਣਾਇਆ।

ਉਨ੍ਹਾਂ ਸੋਚਿਆ ਕਿ ਪੰਜਾਬ ਨੂੰ ਈਡੀ, ਸੀਬੀਆਈ ਅਤੇ ਇਨਕਮ ਟੈਕਸ ਦੇ ਛਾਪਿਆਂ ਰਾਹੀਂ ਡਰਾਇਆ ਜਾ ਸਕਦਾ ਹੈ। ਪਰ ਪੰਜਾਬੀਆਂ ਦਾ ਜ਼ੁਲਮ ਵਿਰੁੱਧ ਖੜ੍ਹਨ ਦਾ ਇਤਿਹਾਸ ਰਿਹਾ ਹੈ ਅਤੇ ਉਹ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਵਿਰੁੱਧ ਛਾਪੇਮਾਰੀ ਕਿਉਂ ਬੰਦ ਹੋ ਗਈ? ਇਹ ਭਾਜਪਾ ਦਾ ਅਸਲੀ ਚਿਹਰਾ ਨੰਗਾ ਕਰਦਾ ਹੈ। ਏਜੰਸੀਆਂ ਸਿਰਫ਼ ਉਨ੍ਹਾਂ ਵਿਰੁੱਧ ਸਰਗਰਮ ਹੁੰਦੀਆਂ ਹਨ ਜੋ ਸਿਆਸੀ ਤੌਰ ‘ਤੇ ਉਨ੍ਹਾਂ ਦਾ ਵਿਰੋਧ ਕਰਦੇ ਹਨ। ਜਿਵੇਂ ਹੀ ਕੋਈ ਭਾਜਪਾ ਵਿੱਚ ਸ਼ਾਮਲ ਹੁੰਦਾ ਹੈ, ਸਾਰੀਆਂ ਜਾਂਚਾਂ ਗਾਇਬ ਹੋ ਜਾਂਦੀਆਂ ਹਨ।

‘ਆਪ’ ਆਗੂਆਂ ਨੇ ਦੁਹਰਾਇਆ ਕਿ ਪੰਜਾਬ ਦੇ ਲੋਕ ਸਿਆਸੀ ਬਦਲਾਖੋਰੀ ਲਈ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਨੂੰ ਬਰਦਾਸ਼ਤ ਨਹੀਂ ਕਰਨਗੇ। ਪਾਰਟੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਡਰਾਉਣ-ਧਮਕਾਉਣ ਅਤੇ ਬਦਲਾਖੋਰੀ ਦੀ ਰਾਜਨੀਤੀ ਰਾਹੀਂ ਪੰਜਾਬ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਨਾਕਾਮ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਵਰਕਰ ਮੋਦੀ ਸਰਕਾਰ ਵੱਲੋਂ ਕੀਤੇ ਜਾ ਰਹੇ “ਲੋਕਤੰਤਰ ਦੇ ਕਤਲ” ਵਿਰੁੱਧ ਸੜਕਾਂ ‘ਤੇ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।

 ਪੂਰਾ ਮਾਮਲਾ ਕੀ ਹੈ ?

ਸੰਜੀਵ ਅਰੋੜਾ ਨੂੰ ਕੱਲ੍ਹ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਈਡੀ ਦੀ ਤੀਜੀ ਛਾਪੇਮਾਰੀ ਤੋਂ ਬਾਅਦ ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।ਪਿਛਲੇ ਇੱਕ ਮਹੀਨੇ ਦੌਰਾਨ ‘ਆਪ’ ਦੇ ਕਈ ਆਗੂਆਂ ’ਤੇ ਈਡੀ ਨੇ ਸ਼ਿਕੰਜਾ ਕੱਸਿਆ ਹੈ। ਅਪਰੈਲ ਵਿੱਚ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ਛਾਪੇਮਾਰੀ ਹੋਈ ਸੀ, ਜਿਸ ਤੋਂ ਬਾਅਦ ਉਹ 6 ਹੋਰ ਸੰਸਦ ਮੈਂਬਰਾਂ (ਰਾਘਵ ਚੱਢਾ, ਹਰਭਜਨ ਸਿੰਘ ਸਮੇਤ) ਨਾਲ ਪਾਰਟੀ ਤੋੜ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।ਇਸ ਹਫ਼ਤੇ ਈਡੀ ਨੇ ਰੀਅਲ ਅਸਟੇਟ ਗਰੁੱਪਾਂ ’ਤੇ ਵੀ ਛਾਪੇਮਾਰੀ ਕੀਤੀ ਹੈ। ਏਜੰਸੀ ਦਾ ਦਾਅਵਾ ਹੈ ਕਿ ਇੱਕ ਬਿਲਡਰ, ਜਿਸ ਨੇ ਬਾਜ਼ਾਰੂ ਕੀਮਤ ਤੋਂ 170 ਕਰੋੜ ਰੁਪਏ ਘੱਟ ’ਤੇ ਜ਼ਮੀਨ ਖਰੀਦੀ ਸੀ, ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦਾ ਕਰੀਬੀ ਹੈ।‘ਆਪ’ ਆਗੂਆਂ ਦਾ ਕਹਿਣਾ ਹੈ ਕਿ ਇਹ ਸਾਰੀਆਂ ਕਾਰਵਾਈਆਂ ਸਿਆਸੀ ਬਦਲਾਖੋਰੀ ਤਹਿਤ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪਾਰਟੀ ਦੇ ਅਕਸ ਨੂੰ ਢਾਹ ਲਾਈ ਜਾ ਸਕੇ। ਦੂਜੇ ਪਾਸੇ, ਭਾਜਪਾ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਜਾਂਚ ਨੂੰ ਕਾਨੂੰਨੀ ਪ੍ਰਕਿਰਿਆ ਦਾ ਹਿੱਸਾ ਦੱਸ ਰਹੀ ਹੈ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

Are You Satisfied Times of Punjab24

Related News